ਪੰਜਾਬ ਤੋਂ ਹਜ਼ਾਰਾਂ ਕਿਸਾਨ ਅੱਜ ਲਖੀਮਪੁਰ ਖੀਰੀ ਵੱਲ ਕਰ ਰਹੇ ਕੂਚ, ਮੁੜ ਵਿੱਢਣਗੇ ਸੰਘਰਸ਼

August 17 2022

ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਵਿਖੇ ਲੱਗ ਰਹੇ ਤਿੰਨ ਦਿਨਾਂ ਮੋਰਚੇ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ ਜਥੇ ਰਵਾਨਾ ਹੋਏ। ਇਸ ਦੇ ਨਾਲ ਹੀ ਪਟਿਆਲਾ ਤੋਂ ਡਾ. ਦਰਸ਼ਨ ਪਾਲ ਦੀ ਅਗਵਾਈ ਹੇਠ ਜੱਥਾ ਕਰੀਬ 12 ਵਜੇ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਇਆ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ ਅਤੇ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ 18 ਅਗਸਤ ਤੋਂ 20 ਅਗਸਤ ਤੱਕ ਲਖੀਮਪੁਰ ਖੀਰੀ ਵਿੱਚ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਦੇ ਮੁਤਾਬਿਕ ਕਿਸਾਨਾਂ ਦੀ ਇਸ ਹੜਤਾਲ ਵਿੱਚ ਬੀਕੇਯੂ ਆਗੂ ਰਾਕੇਸ਼ ਟਿਕੈਤ, ਦਰਸ਼ਨਪਾਲ, ਜੋਗਿੰਦਰ ਉਗਰਾਹਾ, ਯੋਗੇਂਦਰ ਯਾਦਵ, ਮੇਧਾ ਪਾਟਕਰ ਆਦਿ ਕਿਸਾਨ ਆਗੂ ਸ਼ਾਮਲ ਹੋਣਗੇ। ਜਿਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ, ਉਨ੍ਹਾਂ ਵਿੱਚ ਉਨ੍ਹਾਂ ਦੀ ਪਹਿਲੀ ਮੰਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਦੇ ਧਰਨਾਕਾਰੀ ਕਿਸਾਨਾਂ ਤੇ ਦਰਜ ਕੇਸ ਵਾਪਸ ਕੀਤੇ ਜਾਣ।
ਇਸ ਦੇ ਨਾਲ ਹੀ ਕੁਝ ਹੋਰ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਜੱਥਾ ਵੀ ਸ਼ਾਮ ਨੂੰ ਪੰਜ ਵਜੇ ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗਾ। ਕਿਸਾਨਾਂ ਦਾ ਕਹਿਣਾ ਸੀ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਤੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਜਿਨੀ ਦੇਰ ਸਜ਼ਾ ਨਹੀਂ ਮਿਲਦੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਦੋਆਬਾ ਦਾ ਇੱਕ ਜਥਾ ਰਵਾਨਾ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਇੱਕ ਜਥਾ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਲਖੀਮਪੁਰ ਖੀਰੀ ਵਿਖੇ ਰਵਾਨਾ ਹੋਇਆ।
ਇਸ ਮੌਕੇ ਗੱਲਬਾਤ ਕਰਦਿਆਂ ਮਨਜੀਤ ਸਿੰਘ ਰਾਏ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਅਤੇ ਕਿਰਪਾਲ ਸਿੰਘ ਮੂਸਾਪੁਰ ਨੇ ਦੱਸਿਆ ਕਿ ਉਕਤ ਹਾਦਸੇ ਤੋਂ ਬਾਅਦ ਅਜੈ ਮਿਸ਼ਰਾ ਟੇਨੀ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਗੱਲ ਕੀਤੀ ਗਈ ਸੀ ਜੋ ਕਿ ਬੀਜੇਪੀ ਸਰਕਾਰ ਵੱਲੋਂ ਪੂਰੀ ਨਹੀਂ ਕੀਤੀ ਗਈ ਤੇ ਨਾਲ ਹੀ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਣ ਦੀ ਵੀ ਗੱਲ ਆਖੀ ਗਈ ਸੀ ਜਿਸ ਤੋਂ ਕੇਂਦਰ ਸਰਕਾਰ ਪਿੱਛੇ ਹੱਟ ਗਈ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀ ਮੰਗ ਪੂਰੀ ਨਾ ਕੀਤੀ ਤਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਵੱਡਾ ਅੰਦੋਲਨ ਉਲੀਕਿਆ ਜਾਵੇਗਾ ਜਿਸਦੀ ਸਾਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਮਨਜੀਤ ਰਾਏ ਸਤਨਾਮ ਸਿੰਘ ਸਾਹਨੀ ਤੇ ਕਿਰਪਾਲ ਸਿੰਘ ਮੂਸਾਪੁਰ ਨੇ ਦੱਸਿਆ ਕਿ ਕਿਸਾਨਾਂ ਦੇ ਜਥੇ ਗੱਡੀਆਂ ਵਿਚ ਟਰੇਨਾਂ ਵਿਚ ਜਾ ਰਹੇ ਹਨ ਤੇ ਵੱਖੋ ਵੱਖ ਤਰੀਕੇ ਨਾਲ ਅੱਜ ਵੱਡੀ ਗਿਣਤੀ ਚ ਕਰੀਬ ਪੰਜਾਬ ਤੋਂ ਦੱਸ ਹਜ਼ਾਰ ਕਿਸਾਨ ਲਖੀਮਪੁਰ ਖੀਰੀ ਪਹੁੰਚਣਗੇ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: PTC NEWS