ਪੰਜਾਬ ’ਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ

December 06 2023

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ ਦੇ ਬੀਜ ਦੀਆਂ 4500 ਮਿੰਨੀ-ਕਿੱਟਾਂ ਚਾਰ ਜ਼ਿਲਿਆਂ ਵਿੱਚ ਮੁਫ਼ਤ ਵੰਡੀਆਂ ਗਈਆਂ ਹਨ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 4000 ਹੈਕਟੇਅਰ ਤੱਕ ਵਧਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲਿਆਂ ਦੇ ਕਿਸਾਨਾਂ ਨੂੰ ਸਰ੍ਹੋਂ ਦੀ ਆਰ.ਐੱਚ.-761 ਕਿਸਮ ਦਾ 90 ਕੁਇੰਟਲ ਬੀਜ ਮੁਫ਼ਤ ਉਪਲਬਧ ਕਰਵਾਇਆ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਸ਼ੁਰੂ ਕੀਤੀ ਗਈ ਫਸਲੀ ਵਿਭਿੰਨਤਾ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ। ਉਨਾਂ ਦੱਸਿਆ ਕਿ ਇਸ ਸਾਲ ਸਰੋਂ ਦੀ ਫਸਲ ਹੇਠ ਰਕਬਾ ਤਕਰੀਬਨ 49000 ਹੈਕਟੇਅਰ ਹੋਣ ਦਾ ਅਨੁਮਾਨ ਹੈ, ਜੋ ਕਿ ਹਾੜੀ ਦੇ ਸੀਜ਼ਨ 2022-23 ਵਿੱਚ 45000 ਹੈਕਟੇਅਰ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਾਉਣੀ ਦੇ ਸੀਜ਼ਨ ਦੌਰਾਨ ਬਾਸਮਤੀ ਹੇਠ ਰਕਬਾ ਤਕਰੀਬਨ 20 ਫੀਸਦ ਤੱਕ ਵਧਿਆ ਹੈ। ਪਿਛਲੇ ਸੀਜ਼ਨ ਦੇ 4.94 ਲੱਖ ਹੈਕਟੇਅਰ ਦੇ ਮੁਕਾਬਲੇ ਇਸ ਵਾਰ ਬਾਸਮਤੀ ਹੇਠ ਰਕਬਾ ਵਧ ਕੇ 5.96 ਲੱਖ ਹੈਕਟੇਅਰ ਹੋ ਗਿਆ।

ਸਰੋਤ: ਸੱਚ ਕਹੂੰ