ਪੰਜਾਬ ’ਚ ਮੂੰਗੀ ਦੀ ਫਸਲ ’ਤੇ MSP ਹੋਈ ਤੈਅ, 7275 ਰੁਪਏ ਪ੍ਰਤੀ ਕੁਇੰਟਲ ’ਤੇ ਹੋਵੇਗੀ ਖਰੀਦ

June 08 2022

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਈ ਅਹਿਮ ਫੈਸਲਿਆਂ ’ਤੇ ਮੋਹਰ ਲਗਾਈ ਗਈ। ਇਸ ਵਿਚ ਮੂੰਗੀ ਦੀ ਫਸਲ ’ਤੇ ਘੱਟੋ ਘੱਟ ਸਮਰਥਨ ਮੁੱਲ਼ ਤੈਅ ਕੀਤਾ ਗਿਆ। ਪੰਜਾਬ ਵਿਚ ਮੂੰਗੀ ਦੀ ਫਸਲ  7275 ਰੁਪਏ ਪ੍ਰਤੀ ਕੁਇੰਟਲ ’ਤੇ ਖਰੀਦੀ ਜਾਵੇਗੀ।

ਧਰਤੀ ਹੇਠਲੇ ਪਾਣੀ ਵਰਗੇ ਬਹੁਮੱਲੇ ਕੁਦਰਤੀ ਵਸੀਲਿਆਂ ਨੂੰ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿਚ ਸੁਧਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਮਾਰਕਫੈੱਡ ਵੱਲੋਂ ਸਾਲ 2022-23 ਲਈ ਗਰਮ ਰੁੱਤ ਦੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਉਤੇ ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਰਕਫੈੱਡ ਨੂੰ ਇਹ ਫਸਲ ਖਰੀਦਣ ਲਈ ਸੂਬੇ ਦੀ ਨੋਡਲ ਏਜੰਸੀ ਬਣਾਇਆ ਗਿਆ ਹੈ।

ਇਹ ਵੀ ਫੈਸਲਾ ਕੀਤਾ ਗਿਆ ਕਿ ਗੈਪ ਫਡਿੰਗ ਵਜੋਂ 1875 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਾਰਕਫੈੱਡ ਨੂੰ ਲਗਪਗ 66.65 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਇੱਥੇ ਦੱਸਣਯੋਗ ਹੈ ਕਿ ਮੌਜੂਦਾ ਗਰਮ ਰੁੱਤ ਦੀ ਮੂੰਗੀ ਦੇ ਸੀਜ਼ਨ ਦੌਰਾਨ 95,000 ਏਕੜ ਰਕਬੇ ਵਿਚ ਮੂੰਗੀ ਦੀ ਬਿਜਾਈ ਹੋਈ ਹੈ ਅਤੇ ਪ੍ਰਤੀ ਏਕੜ ਪੰਜ ਕੁਇੰਟਲ ਉਤਪਾਦਨ ਹੋਣ ਦੀ ਆਸ ਹੈ। ਇਸ ਉਪਰਾਲੇ ਨਾਲ ਘੱਟ ਸਮੇਂ ਵਿਚ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਹੋਵੇਗੀ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ 10 ਤੋਂ 20 ਫੀਸਦੀ ਬੱਚਤ ਹੋਣ ਦੀ ਸੰਭਾਵਨਾ ਹੈ ਜੋ ਕੁਦਰਤੀ ਸਰੋਤਾਂ ਦੀ ਸੰਭਾਲ ਵਿਚ ਸਹਾਈ ਹੋਵੇਗਾ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman