ਬੀਬੀਆਂ ਨੇ ਦਿੱਲੀ ਵੱਲ ਵਹੀਰਾਂ ਘੱਤੀਆਂ

December 19 2020

ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਅੰਦੋਲਨ ਨੂੰ ਪੰਜਾਬ ਤੇ ਹਰਿਆਣਾ ਸਮੇਤ ਪੂਰੇ ਦੇਸ਼ ਅਤੇ ਵਿਦੇਸ਼ਾਂ ’ਚੋਂ ਵੀ ਪੂਰਨ ਸਹਿਯੋਗ ਮਿਲ ਰਿਹਾ ਹੈ। ਇਸ ਅੰਦੋਲਨ ਵਿੱਚ ਹਲਕਾ ਕਾਲਾਂਵਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਦੀ ਅਗਵਾਈ ਵਿੱਚ ਬੀਬੀਆਂ ਦਾ ਜਥਾ ਲੈ ਕੇ ਦਿੱਲੀ ਦੇ ਟਿਕਰੀ ਬਾਰਡਰ ਲਈ ਰਵਾਨਾ ਹੋਏ ਗੁਰਦੁਆਰਾ ਦੇ ਮੈਨੇਜਰ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਤਿਲੋਕੇਵਾਲਾ ਤੋਂ ਕਿਸਾਨ ਸੰਘਰਸ਼ ਵਿੱਚ ਦੋ ਜਥੇ ਜਾ ਚੁੱਕੇ ਹਨ। ਹੁਣ ਇਹ ਤੀਜਾ ਜਥਾ ਬੀਬੀਆਂ ਦਾ ਦਿੱਲੀ ਲਈ ਰਵਾਨਾ ਹੋਇਆ ਹੈ। ਇਸ ਜਥੇ ਵਿੱਚ ਸ਼ਾਮਲ ਬੀਬੀ ਜਸਵੀਰ ਕੌਰ, ਅਮਰਜੀਤ ਕੌਰ, ਲਖਬੀਰ ਕੌਰ, ਬਲਵੀਰ ਕੌਰ, ਕਰਮਜੀਤ ਕੌਰ, ਬਲਜਿੰਦਰ ਕੌਰ, ਬੇਅੰਤ ਕੌਰ ਆਦਿ ਨੇ ਦੱਸਿਆ ਕਿ ਉਹ ਕੁੱਝ ਦਿਨ ਉੱਥੇ ਰਹਿ ਕੇ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਣਗੀਆਂ।

ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਆਪਣਾ ਯੋਗਦਾਨ ਪਾਉਣ ਲਈ ਬਲਾਕ ਜ਼ੀਰਾ ਦੇ ਪਿੰਡ ਗਾਦੜੀਵਾਲਾ ਤੋਂ ਕਿਸਾਨਾਂ ਦਾ ਜਥਾ ਕਿਸਾਨ ਆਗੂ ਜਵਾਹਰ ਸਿੰਘ ਦੀ ਅਗਵਾਈ ਹੇਠ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਜਥੇ ਵਿੱਚ ਸ਼ਾਮਲ ਆਗੂਆਂ ਨੇ ਕਿਹਾ ਕਿ ਉਹ 5 ਦਿਨ ਧਰਨਾ ਲਗਾ ਕੇ ਕੇਂਦਰ ਸਰਕਾਰ ਵਿਰੁੱਧ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਨਗੇ। ਇਸ ਮੌਕੇ ਨਛੱਤਰ ਸਿੰਘ, ਪਰਗਟ ਸਿੰਘ, ਸਵਰਨ ਸਿੰਘ, ਸਰਬਜੀਤ ਸਿੰਘ, ਸੁਖਮੰਦਰ ਸਿੰਘ, ਜਸਵੀਰ ਸਿੰਘ, ਗੁਰਦੇਵ ਸਿੰਘ ਫੌਜੀ, ਲਖਵੀਰ ਸਿੰਘ, ਦਿਲਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਰੀਪਰ ਐਸੋਸੀਏਸ਼ਨ ਮਾਨਸਾ ਵੱਲੋਂ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਗਿਆ। ਐਸੋਸੀਏਸ਼ਨ ਦੇ ਆਗੂ ਰੂਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਇਹ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ ਅਤੇ ਵਿਦੇਸ਼ਾਂ ਵਾਂਗ ਕਿਸਾਨੀ ਦੇ ਹੱਕ ਵਿੱਚ ਨਿਯਮ ਤੇ ਕਾਨੂੰਨ ਬਣਾ ਕੇ ਕਿਸਾਨ ਨੂੰ ਹੋਰ ਸੌਖਾ ਕਰਨ ਦੇ ਨਾਲ ਨਾਲ ਖੇਤੀ ਨੂੰ ਇੱਕ ਲਾਹੇਬੰਦ ਧੰਦਾ ਬਣਾਉਣ ਦੀ ਲੋੜ ਹੈ। ਇਸ ਮੌਕੇ ਪਰਮਜੀਤ ਸਿੰਘ, ਜਗਜੀਤ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ, ਬੂਟਾ ਸਿੰਘ, ਨਿਰਮਲ ਸਿੰਘ, ਗੁਰਦੀਪ ਸਿੰਘ, ਸਵਰਨ ਸਿੰਘ, ਰੇਸ਼ਮ ਸਿੰਘ, ਲਾਭ ਸਿੰਘ, ਪ੍ਰੀਤਮ ਸਿੰਘ ਵੀ ਮੌਜੂਦ ਸਨ।

ਦੀ ਪ੍ਰਾਈਵੇਟ ਬੱਸ ਆਪਰੇਟਰ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਅਹਿਮ ਮੀਟਿੰਗ ਪ੍ਰਧਾਨ ਨਰਪਿੰਦਰ ਸਿੰਘ ਰਵੀ ਜਲਾਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਜਲਾਲ ਬੱਸ ਵਿੱਚ ਹੋਈ। ਇਸ ਮੌਕੇ ਸਰਬਸੰਮਤੀ ਨਾਲ ਯੂਨੀਅਨ ਵਲੋਂ ਕਿਸਾਨੀ ਅੰਦੋਲਨ ਦੀ ਡਟਵੀਂ ਹਮਾਇਤ ਕੀਤੀ ਗਈ ਅਤੇ ਮਤਾ ਪਾਸ ਕੀਤਾ ਗਿਆ ਕਿ ਬੱਸ ਅੱਡਾ ਬਠਿੰਡਾ ਵਿਚ ਕਿਸਾਨੀ ਅੰਦੋਲਨ ਅਤੇ ਅੰਦੋਲਨ ਵਿੱਚ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ।

ਖੋਖਰ ਤੋਂ ਦਿੱਲੀ ਲਈ ਅੱਠਵਾਂ ਜਥਾ ਰਵਾਨਾ

ਲਾਗਲੇ ਪਿੰਡ ਖੋਖਰ ਦੇ ਨੌਜਵਾਨਾਂ ਦਾ ਅੱਠਵਾਂ ਜਥਾ ਦਿੱਲੀ ਲਈ ਰਵਾਨਾ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਸਪੋਰਟਸ ਕਲੱਬ ਦੇ ਪ੍ਰਧਾਨ ਬਲਕਰਨ ਸਿੰਘ, ਗੀਤਕਾਰ ਸੇਵਕ ਸਿੰਘ, ਗੁਰੀ ਮੱਕੜ, ਰਣਜੀਤ ਸਿੰਘ ਤੇ ਦਿਲਬਾਗ ਸਿੰਘ ਹੋਰਾਂ ਨੇ ਦੱਸਿਆ ਕਿ ਕਿਸਾਨ ਅੰਦੋਲਨ ਪ੍ਰਤੀ ਲੋਕਾਂ ਵਿੱਚ ਬਹੁਤ ਖਿੱਚ ਹੈ। ਇਸ ਰੋਹ ਦੇ ਪ੍ਰਗਟਾਵੇ ਲਈ ਹੀ ਲੋਕ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਨਾਅਰੇ ਲਾਉਂਦਿਆਂ ਜਥਾ ਰਵਾਨਾ ਕੀਤਾ।

ਸੰਘਰਸ਼ੀ ਕਿਸਾਨਾਂ ਦੇ ਪਸ਼ੂਆਂ ਦੀ ਦਵਾਈ ਮੁਫ਼ਤ ਦੇਣ ਦਾ ਫ਼ੈਸਲਾ

ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਜਥੇਬੰਦੀ ਪੰਜਾਬ ਸਟੇਟ ਐਨੀਮਲ ਹਸਬੈਂਡਰੀ ਆਫ਼ੀਸਰਜ਼ ਵੈੱਲਫ਼ੇਅਰ ਐਸੋਸੀਏਸ਼ਨ ਵੀ ਸੰਘਰਸ਼ਸ਼ੀਲ ਕਿਸਾਨਾਂ ਦੀ ਹਮਾਇਤ ਵਿੱਚ ਡਟ ਗਈ ਹੈ। ਸੰਸਥਾ ਦੇ ਜਨਰਲ ਸਕੱਤਰ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਟੇਟ ਐਨੀਮਲ ਹਸਬੈਂਡਰੀ ਆਫ਼ੀਸਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਚਰਨ ਸਿੰਘ ਦੀ ਅਗਵਾਈ ਹੇਠ ਮੀਟਿੰਗ ਕਰਕੇ ਕਾਲੇ ਬਿੱਲਾਂ ਦੇ ਵਿਰੋਧ ਵਿੱਚ ਲੜਾਈ ਲੜ ਰਹੇ ਕਿਸਾਨਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ। ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਗਏ ਕਿਸਾਨਾਂ ਦੇ ਘਰਾਂ ਵਿੱਚ ਪਸ਼ੂਆਂ ਲਈ ਦਵਾ ਬੂਟੀ ਲਈ ਪੱਲਿਓਂ ਪੈਸੇ ਲਾਉਣ ਵਿੱਚ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।

ਕਰਮਚਾਰੀਆਂ ਨੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਭੇਜਿਆ

ਪੰਜਾਬ ਸਟੇਟ ਕਰਮਚਾਰੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਿੰਤ ਰਾਮ ਨਾਹਰ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਵਿਰੋਧੀ ਕੇਂਦਰੀ ਸਰਕਾਰ ਵੱਲੋਂ ਬਣਾਏ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨੀ ਸੰਘਰਸ਼ ਦੀ ਹਮਾਇਤ ਹਿੱਤ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਦੇ ਨਾਮ ’ਤੇ ਇਕ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਮੌਜੂਦ ਸਰੂਪ ਚੰਦ, ਕਮਲ ਦਾਸ, ਰੁਕਮ ਦਾਸ, ਅਮਰਜੀਤ ਕੈਂਥ, ਜਗਪ੍ਰੀਤ ਪਾਲ, ਜੋਰਾਵਰ ਸਿੰਘ, ਜੈ ਸਿੰਘ, ਜੈ ਦਿਆਲ, ਰਾਮਪਾਸ, ਭਾਗ ਮੱਲ, ਰਾਮ ਨਰੇਸ਼, ਮੇਵਾ ਸਿੰਘ ਅਤੇ ਰਣਜੀਤ ਸਿੰਘ ਹੋਰਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਕਰਮਚਾਰੀਆਂ ਸਣੇ ਸਾਰੇ ਵਰਗਾਂ ਦਾ ਸਾਂਝਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune