ਰਾਣਵਾਂ ਤੋਂ ਕਿਸਾਨਾਂ ਦਾ 15ਵਾਂ ਜੱਥਾ ਦਿੱਲ‌ੀ ਲਈ ਰਵਾਨਾ

February 26 2021

ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦ‌ੀਆਂ 32 ਕਿਸਾਨ ਜੱਥੇਬੰਦ‌ੀਆਂ ਸਮੇਤ ਦੇਸ਼ ਦੀਆਂ ਕਰੀਬ 450 ਕਿਸਾਨ ਜੱਥੇਬੰਦੀਆਂ ’ਤੇ ਅਧਾਰਤ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲ‌ੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਿੰਡਾਂ ‘ਚੋਂ ਕਿਸਾਨ ਜੱਥਿਆਂ ਦਾ ਦਿੱਲ‌ੀ ਰਵਾਨਾ ਹੋਣ ਦਾ ਸਿਲਸਿਲਾ ਜਾਰੀ ਹੈ। ਅੱਜ ਪਿੰਡ ਰਾਣਵਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਗੁਰਜੀਤ ਸਿੰਘ ਸੋਹੀ ਦੀ ਅਗਵਾਈ ‘ਚ ਕਿਸਾਨਾਂ ਦਾ 15ਵਾਂ ਜੱਥਾ ਦਿੱਲ‌ੀ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਲੋੜੀਂਦਾ ਸਾਮਾਨ ਲੈ ਕੇ ਰਵਾਨਾ ਹੋਇਆ।ਇਸ ਮੌਕੇ ਗੁਰਜੀਤ ਸਿੰਘ ਸੋਹੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੀ ਦੇ ਲਾਗੂ ਹੋਣ ਨਾਲ ਸਿਰਫ਼ ਕਿਸਾਨਾਂ ਨੂੰ ਹੀ ਮਾਰ ਨਹੀਂ ਪੈਣੀ ਸਗੋਂ ਸਮਾਜ ਦਾ ਹਰ ਵਰਗ ਪ੍ਰਭਾਵਿਤ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਕਿਸਾਨਾਂ ਦਾ ਸਬਰ ਪਰਖ਼ ਰਹੀ ਹੈ, ਦੋ ਸੌ ਤੋਂ ਉਪਰ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਸੰਘਰਸ਼ ਖ਼ਤਮ ਕਰਨਗੇ। ਇਸ ਮੌਕੇ ਮਲਕੀਤ ਸਿੰਘ, ਸਿਮਰਜੀਤ ਸਿੰਘ, ਮੇਜਰ ਸਿੰਘ, ਮਹਿੰਦਰ ਸਿੰਘ, ਕਰਮਜੀਤ ਸਿੰਘ, ਸੋਹਣ ਸਿੰਘ , ਲੱਖੀ ਆਦਿ ਵੀ ਮੌਜੂਦ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune