ਰਿਲਾਇੰਸ ਕੰਪਨੀ ਦੇ ਦਫ਼ਤਰਾਂ ਦੇ ਬਾਹਰ ਧਰਨਾ ਜਾਰੀ

November 20 2020

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਅਤੇ ਕੁੱਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ ’ਤੇ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੁਆਰਾ ਲਿਆਂਦੇ ਕਿਸਾਨ ਵਿਰੋਧੀ ਬਿੱਲਾਂ ਅਤੇ ਬਿਜਲੀ ਸੋਧ ਬਿੱਲ ਦਾ ਡੱਟ ਕੇ ਵਿਰੋਧ ਕੀਤਾ ਅਤੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੁਆਰਾ ਲਿਆਂਦੇ ਕਾਲੇ ਕਾਨੂੰਨਾਂ ਨਾਲ ਜਿੱਥੇ ਕਿਸਾਨ ਖੇਤੀ ਤੋਂ ਬਾਹਰ ਹੋ ਜਾਣਗੇ ਉੱਥੇ ਹੋਰ ਵਰਗ ਵੀ ਲਤਾੜੇ ਜਾਣਗੇ। ਉਨ੍ਹਾਂ ਕਿਹਾ ਕਿ ਛੋਟੇ ਕਾਰੋਬਾਰੀਆਂ ’ਤੇ ਵੀ ਮਾੜਾ ਅਸਰ ਪਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਕਿਸੇ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਧਰਨੇ ਵਿਚ ਹੋਰਨਾਂ ਤੋਂ ਇਲਾਵਾ ਗੁਰਮੇਸ਼ ਸਿੰਘ, ਮਲਕੀਤ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਪ੍ਰਿੰਸੀਪਲ ਪਿਆਰਾ ਸਿੰਘ, ਕੇਵਲ ਸਿੰਘ ਮਾਣਕਢੇਰੀ, ਸ਼ਿਵ ਕੁਮਾਰ ਬਾਲੀ, ਰਾਕੇਸ਼ ਕੁਮਾਰ, ਗੁਰਮੀਤ ਸਿੰਘ, ਤਲਵਿੰਦਰ ਸਿੰਘ ਆਦਿ ਸ਼ਾਮਿਲ ਸਨ।

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਰੋਡ ’ਤੇ ਸਥਿਤ ਰਿਲਾਇੰਸ ਮਾਲ ਅੱਗੇ ਦਿੱਤਾ ਜਾ ਧਰਨਾ ਅੱਜ 25ਵੇਂ ਦਿਨ ਵਿੱਚ ਦਾਖਲ ਹੋ ਗਿਆ। ਅੱਜ ਧਰਨੇ ਦੀ ਪ੍ਰਧਾਨਗੀ ਸੁਰਿੰਦਰ ਸਿੰਘ ਢਿਲੋਂ, ਪਾਖਰ ਸਿੰਘ ਗੜ੍ਹਸ਼ੰਕਰ ਅਤੇ ਕਿਸ਼ਨ ਚੰਦ ਨੇ ਕੀਤੀ। ਉਨ੍ਹਾਂ ਵੱਖ ਵੱਖ ਰਾਜਸੀ ਪਾਰਟੀਆਂ ’ਤੇ ਖੇਤੀ ਕਾਨੂੰਨਾਂ ‘ਤੇ ਸਿਆਸਤ ਕਰਨ ਦਾ ਦੋਸ਼ ਲਾਇਆ। ਇਸ ਮੌਕੇ ਦਰਸ਼ਨ ਮੱਟੂ, ਗਰਨੇਕ ਭੱਜਲ,ਅਮਰਜੀਤ ਸਿੰਘ, ਇਕਬਾਲ ਜੱਸੋਵਾਲ ਅੱਛਰ ਸਿੰਘ, ਬੀਬੀ ਸੁਭਾਸ਼ ਮੱਟੂ ਅਤੇ ਹਰਭਜਨ ਸਿੰਘ ਗੁੱਲਪੁਰ ਨੇ ਵੀ ਸੰਬੋਧਨ ਕੀਤਾ ਅਤੇ ਸਰਕਾਰ ਨੂੰ ਅਜਿਹੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।

ਕਿਸਾਨ ਜਥੇਬੰਦੀਆਂ ਵਲੋਂ ਲਾਚੋਵਾਲ ਟੌਲ ਪਲਾਜ਼ਾ ’ਤੇ ਦਿੱਤਾ ਜਾ ਰਿਹਾ ਧਰਨਾ ਅੱਜ 40ਵੇਂ ਦਿਨ ’ਚ ਪਹੁੰਚ ਚੁੱਕਿਆ ਹੈ। ਅੱਜ ਦੇ ਧਰਨੇ ਦੀ ਅਗਵਾਈ ਕਿਸਾਨ ਆਗੂ ਗੁਰਦੀਪ ਸਿੰਘ ਖੁਣ-ਖੁਣ, ਸਵਰਨ ਸਿੰਘ ਧੁੱਗਾ, ਉਂਕਾਰ ਸਿੰਘ ਧਾਮੀ, ਓਮ ਸਿੰਘ ਸਟਿਆਣਾ, ਦਵਿੰਦਰ ਸਿੰਘ ਕੱਕੋਂ ਆਦਿ ਨੇ ਕੀਤੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune