ਵਕੀਲਾਂ ਵੱਲੋਂ ਅੰਨਦਾਤੇ ਦੇ ਹੱਕ ਵਿੱਚ ਟਰੈਕਟਰ ਮਾਰਚ

February 12 2021

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੀ ਕਿਸਾਨੀ ਸੰਘਰਸ਼ ਦੀ ਹਰ ਵਰਗ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ। ਇਸੇ ਦੌਰਾਨ ਚੰਡੀਗੜ੍ਹ ਦੇ ਵਕੀਲਾਂ ਨੇ ਅੱਜ ਕਿਸਾਨਾਂ ਦੇ ਹੱਕ ਵਿੱਚ ਟਰੈਕਟਰ ਮਾਰਚ ਕੀਤਾ। ਇਹ ਮਾਰਚ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਸੈਕਟਰ-17 ਪਲਾਜ਼ਾ ਵਿੱਚ ਖਤਮ ਹੋਇਆ। ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਪ੍ਰਧਾਨ ਭਾਗ ਸਿੰਘ ਸੁਹਾਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ’ਤੇ ਲਿਆਂਦੇ ਤਿੰਨੇ ਕਾਨੂੰਨ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨ ਕਿਸਾਨੀ ਨੂੰ ਤਬਾਹ ਕਰ ਦੇਣਗੇ ਜਿਸ ਦਾ ਅਸਰ ਸਮਾਜ ਦੇ ਹਰ ਤਬਕੇ ਦੇ ਲੋਕਾਂ ’ਤੇ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਕਿਸਾਨ ਠੰਢੀਆਂ ਰਾਤਾਂ ਵਿੱਚ ਦਿੱਲੀ ਬਾਰਡਰ ’ਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਨਣ ਲਈ ਤਿਆਰ ਨਹੀਂ ਹੈ। ਵਕੀਲਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ’ਤੇ ਫ਼ਸਲਾਂ ਦੀ ਖਰੀਦ ਨੂੰ ਯਕੀਨੀ ਬਣਾਏ।

ਇਸੇ ਦੌਰਾਨ ਵਕੀਲ ਪੁਨੀਤ ਛਾਬੜਾ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੇ ਇਤਿਹਾਸ ਸਿਰਜ ਦਿੱਤਾ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਦੇ ਵਕੀਲ ਭਾਈਚਾਰੇ ਵੱਲੋਂ ਪਹਿਲਾਂ ਵੀ ਸ਼ਹਿਰ ਵਿੱਚ ਮਾਰਚ ਕੀਤੇ ਜਾ ਚੁੱਕੇ ਹਨ ਅਤੇ ਉਹ ਕਿਸਾਨਾਂ ਦੇ ਦਿੱਲੀ ਸੰਘਰਸ਼ ਵਿੱਚ ਵੀ ਸ਼ਮੂਲੀਅਤ ਕਰ ਰਹੇ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune