ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਚ ਰੋਕੀਆਂ ਜਾਣਗੀਆਂ ਰੇਲਾਂ, ਜਾਣੋ ਹੋਰ ਕੀ ਕੀਤੇ ਐਲਾਨ

February 11 2021

ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਆਪਣਾ ਅੰਦੋਲਨ ਤੇਜ਼ ਕਰਦੇ ਹੋਏ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ 18 ਫਰਵਰੀ ਨੂੰ ਦੇਸ਼ ਭਰ ’ਚ ਚਾਰ ਘੰਟਿਆਂ ਲਈ ਰੇਲ ਰੋਕੋ ਦਾ ਸੱਦਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ 12 ਫਰਵਰੀ ਤੋਂ ਰਾਜਸਥਾਨ ’ਚ ਟੋਲ ਕੁਲੈਕਸ਼ਨ ਨਹੀਂ ਹੋਣ ਦਿੱਤੀ ਜਾਵੇਗੀ। ਦੇਸ਼ ਭਰ ’ਚ 18 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ ਚਾਰ ਵਜੇ ਤਕ ਦੇਸ਼ ਭਰ ’ਚ ਰੇਲਾਂ ਰੋਕੀਆਂ ਜਾਣਗੀਆਂ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇਸ ਮਹੀਨੇ ਦੇ ਸ਼ੁਰੂ ’ਚ ਤਿੰਨ ਘੰਟਿਆਂ ਲਈ ਚੱਕਾ ਜਾਮ ਕੀਤਾ ਸੀ।

ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰਧਾਨ ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ’ਚ 14 ਫਰਵਰੀ ਨੂੰ ਕੈਂਡਲ ਮਾਰਚ ਕੱਢਿਆ ਜਾਵੇਗਾ। 16 ਫਰਵਰੀ ਨੂੰ ਕਿਸਾਨ ਸਰ ਛੋਟੂ ਰਾਮ ਜਯੰਤੀ ਮਨਾਉਣਗੇ ਤੇ 18 ਫਰਵਰੀ ਨੂੰ ਦੇਸ਼ ਭਰ ’ਚ ਦੁਪਹਿਰ 12 ਤੋਂ ਸ਼ਾਮ ਚਾਰ ਵਜੇ ਤਕ ਰੇਲ ਟਰੈਕ ਰੋਕੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨ ਆਗੂਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਕਿਉਂਕਿ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਸਾਨਾਂ ਦੇ ਮੁੱਦਿਆਂ ਨੂੰ ਸਮਝ ਨਹੀਂ ਪਾ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਅਗਲੀ ਮੀਟਿੰਗ ਤੋਂ ਪਹਿਲਾਂ ਸਰਕਾਰ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਕਾਨੂੰਨ ਬਣਾਉਣ ਦਾ ਐਲਾਨ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਦਿਲ ਜਿੱਤਣ ਲਈ ਇਹ ਮੋਦੀ ਸਰਕਾਰ ਦਾ ਇਕ ਵੱਡਾ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਗਲੇ ਦੌਰ ਦੀ ਮੀਟਿੰਗ ਤੋਂ ਪਹਿਲਾਂ ਪਰਾਲੀ ਸਾੜਨ ’ਤੇ ਸਜ਼ਾ ਦੀ ਮਦ ਖ਼ਤਮ ਕਰਨ ਤੇ ਬਿਜਲੀ ਬਿੱਲ (ਸੋਧ) 2020 ’ਤੇ ਕਿਸਾਨਾਂ ਦੇ ਇਤਰਾਜ਼ਾਂ ਨੂੰ ਦੂਰ ਕਰ ਦੇਣਾ ਚਾਹੀਦਾ ਹੈ।

ਇਹ ਪੁੱਛੇ ਜਾਣ ’ਤੇ ਕਿ ਕੀ ਕਿਸਾਨ ਜਥੇਬੰਦੀਆਂ ਨੂੰ ਅਗਲੇ ਦੌਰ ਦੀ ਗੱਲਬਾਤ ਲਈ ਸੱਦਾ ਮਿਲਿਆ ਹੈ, ਤਾਂ ਉਨ੍ਹਾਂ ਕਿਹਾ ਕਿ ਰਸਮੀ ਸੱਦੇ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਖੇਤੀ ਕਾਨੂੰਨ ਡੇਢ ਸਾਲ ਲਈ ਮੁਅੱਤਲ ਕਰਨ ਦੀ ਤਜਵੀਜ਼ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਸਜ਼ਾ-ਏ-ਮੌਤ ਸਜ਼ਾ-ਏ-ਮੌਤ ਹੀ ਹੁੰਦੀ ਹੈ, ਭਾਵੇਂ ਇਹ ਪਹਿਲਾਂ ਹੋਵੇ, ਭਾਵੇਂ ਬਾਅਦ ’ਚ। ਅਸੀਂ ਕਹਿੰਦੇ ਹਾਂ ਕਿ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਜਾਵੇ।

ਦੂਜੇ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਗੁਰਬਚਨ ਸਿੰਘ ਚਾਬਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਇਨ੍ਹਾਂ ਕਾਨੂੰਨਾਂ ਨੂੰ ਆਰਜ਼ੀ ਤੌਰ ’ਤੇ ਮੁਅੱਤਲ ਕੀਤੇ ਜਾਣ ਦੇ ਹੱਕ ’ਚ ਨਹੀਂ ਹੈ। ਕਿਸਾਨ ਚੜ੍ਹਦੀ ਕਲਾ ’ਚ ਹਨ। ਸਾਡਾ ਮੋਰਚਾ ਹਰ ਰੋਜ਼ ਮਜ਼ਬੂਤ ਹੋ ਰਿਹਾ ਹੈ ਤੇ ਸਰਕਾਰ ਨੇ ਸਾਡੀ ਤਾਕਤ ਨੂੰ ਪਛਾਣ ਲਿਆ ਹੈ ਤੇ ਉਹ ਹੁਣ ਸਾਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਸੀਂ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੋਂ ਘੱਟ ਕਿਸੇ ਗੱਲ ’ਤੇ ਰਾਜ਼ੀ ਨਹੀਂ ਹੋਵਾਂਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Jagran