ਝੋਨਾ ਪੰਜਾਬ ਵਿੱਚ ਸਾਉਣੀ ਰੁੱਤ ਦੀ ਪ੍ਰਮੁੱਖ ਫ਼ਸਲ ਹੈ। ਇਹ ਫ਼ਸਲ ਵੱਧ ਤਾਪਮਾਨ, ਵਧੇਰੇ ਸਿੱਲ੍ਹ, ਲੰਮੇ ਸਮੇਂ ਲਈ ਸੂਰਜ ਦੀ ਰੌਸ਼ਨੀ ’ਤੇ ਯਕੀਨੀ ਪਾਣੀ ਪ੍ਰਬੰਧ ਵਾਲੇ ਇਲਾਕੇ ਲਈ ਬਹੁਤ ਢੁਕਵੀਂ ਹੈ। ਇਸ ਫ਼ਸਲ ਦੇ ਠੀਕ ਵਧਣ-ਫੁੱਲਣ ਲਈ 20 ਤੋਂ 37.5 ਡਿਗਰੀ ਸੈਂਟੀਗਰੇਡ ਤਾਪਮਾਨ ਬਹੁਤ ਚੰਗਾ ਹੈ। ਬੂਟੇ ਦੇ ਜੜ੍ਹ ਮਾਰਨ ਸਮੇਂ ਕੁਝ ਵਧੇਰੇ ਤਾਪਮਾਨ ਦੀ ਲੋੜ ਹੈ ਪਰ ਝੋਨੇ ਨੂੰ ਨਿਸਰਨ ਸਮੇਂ 26.5 ਤੋਂ 29.5 ਡਿਗਰੀ ਸੈਂਟੀਗਰੇਡ ਤਾਪਮਾਨ ਚਾਹੀਦਾ ਹੈ। ਜ਼ਮੀਨ ਦੀ ਪਰਖ ਕਰਾਉਣ ਤੋਂ ਬਾਅਦ ਖਾਦਾਂ ਦੀ ਉਚਿਤ ਵਰਤੋਂ ਹੁੰਦੀ ਹੈ। ਇਸ ਨਾਲ ਵਾਤਾਵਰਨ ਅਤੇ ਧਰਤੀ ਹੇਠਲਾ ਪਾਣੀ ਪ੍ਰਦੂਸ਼ਿਤ ਨਹੀਂ ਹੁੰਦਾ ਹੈ। ਲੋੜ ਅਨੁਸਾਰ ਖਾਦਾਂ ਖ਼ਾਸ ਕਰਕੇ ਰਸਾਇਣਕ ਖਾਦਾਂ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ। ਝੋਨੇ ਦੀ ਫ਼ਸਲ ਵਿੱਚ ਅਸੀਂ ਹੇਠ ਲਿਖੇ ਅਨੁਸਾਰ ਉਚਿਤ ਪ੍ਰਬੰਧ ਕਰਕੇ ਵੱਧ ਝਾੜ ਲੈਣ ਦੇ ਨਾਲ-ਨਾਲ ਵਾਤਾਵਰਨ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਸਕਦੇ ਹਾਂ।
ਰਸਾਇਣਕ ਖਾਦਾਂ ਦੀ ਵਰਤੋਂ: ਸਾਰੀ ਫ਼ਾਸਫ਼ੋਰਸ ਅਤੇ ਸਾਰੀ ਪੋਟਾਸ਼ ਖਾਦ ਆਖ਼ਰੀ ਕੱਦੂ ਕਰਨ ਤੋਂ ਪਹਿਲਾਂ ਪਾ ਦੇਣੀ ਚਾਹੀਦੀ ਹੈ ਜਦੋਂਕਿ ਇੱਕ ਤਿਹਾਈ ਨਾਈਟ੍ਰੋਜਨ ਖਾਦ ਆਖ਼ਰੀ ਕੱਦੂ ਕਰਨ ਤੋਂ ਪਹਿਲਾਂ ਜਾਂ ਪਨੀਰੀ ਲਗਾਉਣ ਤੋਂ 2 ਹਫ਼ਤੇ ਤੱਕ ਪਾ ਦਿਓ। ਬਾਕੀ ਰਹਿੰਦੀ ਨਾਈਟ੍ਰੋਜਨ ਖਾਦ ਨੂੰ ਦੋ ਬਰਾਬਰ ਹਿੱਸਿਆਂ ਵਿੱਚ ਪਨੀਰੀ ਲਾਉਣ ਤੋਂ 3 ਅਤੇ 6 ਹਫ਼ਤੇ ਬਾਅਦ ਛੱਟੇ ਨਾਲ ਪਾਉ। ਫ਼ਾਸਫ਼ੋਰਸ ਵਾਲੀ ਖਾਦ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤਿਆਂ ਤੱਕ ਵੀ ਪਾਈ ਜਾ ਸਕਦੀ ਹੈ। ਨਾਈਟ੍ਰੋਜਨ ਖਾਦ ਦੀ ਦੂਜੀ ਅਤੇ ਤੀਜੀ ਕਿਸ਼ਤ ਜੇ ਹੋ ਸਕੇ ਤਾਂ ਉਸ ਵੇਲੇ ਪਾਉ ਜਦੋਂ ਖੇਤ ਵਿੱਚ ਪਾਣੀ ਖੜ੍ਹਾ ਨਾ ਹੋਵੇ। ਪਾਣੀ ਖਾਦ ਪਾਉਣ ਤੋਂ ਤੀਜੇ ਦਿਨ ਲਾਉ।
ਤੱਤ (ਕਿਲੋ ਪ੍ਰਤੀ ਏਕੜ): ਨਾਈਟ੍ਰੋਜਨ-42, ਫ਼ਾਸਫ਼ੋਰਸ-12, ਪੋਟਾਸ਼-12
ਖਾਦਾਂ (ਕਿਲੋ ਪ੍ਰਤੀ ਏਕੜ): ਯੂਰੀਆ (ਨਿੰਮ ਲਿਪਤ)-90, ਡੀਏਪੀ-27, ਜਾਂ ਸਿੰਗਲ ਸੁਪਰਫਾਸਫੇਟ-79, ਮਿਊਰੇਟ ਆਫ਼ ਪੋਟਾਸ਼-20
ਧਿਆਨਯੋਗ ਗੱਲਾਂ:
* ਫ਼ਾਸਫ਼ੋਰਸ ਅਤੇ ਪੋਟਾਸ਼ ਪੋਟਾਸ਼ ਤੱਤਾਂ ਦੀ ਵਰਤੋਂ ਤਾਂ ਕਰੋ ਜੇ ਮਿੱਟੀ ਪਰਖ ਦੇ ਆਧਾਰ ’ਤੇ ਇਸ ਦੀ ਘਾਟ ਹੋਵੇ।
* ਜਿੱਥੇ ਕਣਕ ਨੂੰ ਸਿਫ਼ਾਰਸ਼ ਕੀਤੀ ਮਾਤਰਾ ਵਿੱਚ ਫ਼ਾਸਫ਼ੋਰਸ ਦੀ ਖਾਦ ਪਾਈ ਹੋਵੇ, ਉਪਰੰਤ ਝੋਨੇ ਨੂੰ ਫ਼ਾਸਫ਼ੋਰਸ ਖਾਦ ਪਾਉਣ ਦੀ ਲੋੜ ਨਹੀਂ।
– ਫ਼ਾਸਫ਼ੋਰਸ ਦੀ ਘਾਟ ਵਾਲੀ ਜ਼ਮੀਨ ਵਿੱਚ ਜਿੱਥੇ 27 ਕਿਲੋ ਡੀ ਏ ਪੀ ਵਰਤੀ ਹੋਵੇ ਤਾਂ 10 ਕਿਲੋ ਯੂਰੀਆ ਘੱਟ ਪਾਉ।
ਜ਼ਿੰਕ ਦੀ ਘਾਟ: ਇਸ ਘਾਟ ਵਿੱਚ ਬੂਟੇ ਮੱਧਰੇ ਰਹਿ ਜਾਂਦੇ ਹਨ ਅਤੇ ਬੂਟਾ ਜੜ੍ਹ ਬਹੁਤ ਘੱਟ ਮਾਰਦਾ ਹੈ। ਅਜਿਹੇ ਬੂਟਿਆਂ ਦੇ ਪੱਤੇ ਜੰਗਾਲੇ ਜਿਹੇ ਅਤੇ ਭੂਰੇ ਹੋ ਜਾਂਦੇ ਹਨ। ਪੱਤੇ ਦੀ ਵਿਚਕਾਰਲੀ ਨਾੜ ਦਾ ਰੰਗ ਬਦਲ ਜਾਂਦਾ ਹੈ ਅਤ ਬਾਅਦ ਵਿੱਚ ਪੱਤੇ ਸੁੱਕ ਜਾਂਦੇ ਹਨ। ਜਿਨ੍ਹਾਂ ਖੇਤਾਂ ਵਿੱਚ ਪਿਛਲੇ ਸਾਲ ਵੀ ਇਹ ਘਾਟ ਸੀ ਉਨ੍ਹਾਂ ਖੇਤਾਂ ਵਿੱਚ ਜ਼ਿੰਕ ਦੀ ਘਾਟ ਪੂਰੀ ਕਰਨ ਲਈ ਕੱਦੂ ਕਰਨ ਸਮੇਂ 25 ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡਰੇਟ (21%) ਜਾਂ 16 ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (33%) ਪ੍ਰਤੀ ਏਕੜ ਦੇ ਹਿਸਾਬ ਨਾਲ ਖਿਲਾਰ ਦੇਣਾ ਚਾਹੀਦਾ ਹੈ। ਜੇਕਰ ਬੀਜੀ ਫ਼ਸਲ ਵਿੱਚ ਇਹ ਨਿਸ਼ਾਨੀਆਂ ਨਜ਼ਰ ਆਉਣ ਤਾਂ ਉਸ ਵੇਲੇ ਹੀ ਜ਼ਿੰਕ ਸਲਫੇਟ ਖੇਤ ਵਿੱਚ ਛੱਟੇ ਨਾਲ ਪਾ ਦਿਉ। ਬਹੁਤ ਮਾੜੀਆਂ ਜ਼ਮੀਨਾਂ ਵਿੱਚ ਜ਼ਿੰਕ ਸਲਫੇਟ ਦੀ ਵਰਤੋਂ ਦੇ ਬਾਵਜੂਦ ਵੀ ਜ਼ਿੰਕ ਦੀ ਘਾਟ ਧੋੜੀਆਂ ਵਿੱਚ ਨਜ਼ਰ ਆਉਂਦੀ ਹੈ। ਅਜਿਹੀ ਹਾਲਤ ਵਿੱਚ 10 ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡ੍ਰੇਟ (21%) ਜਾਂ 6.5 ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (33%) ਨੂੰ ਏਨੀ ਹੀ ਸੁੱਕੀ ਮਿੱਟੀ ਵਿੱਚ ਰਲਾ ਕੇ ਘਾਟ ਵਾਲੇ ਥਾਵਾਂ ਵਿੱਚ ਖਿਲਾਰ ਦੇਣਾ ਚਾਹੀਦਾ ਹੈ।
ਲੋਹੇ ਦੀ ਘਾਟ: ਜ਼ਿਆਦਾ ਰੇਤਲੀਆਂ ਜ਼ਮੀਨਾਂ ਵਿੱਚ ਜਿੱਥੇ ਪਾਣੀ ਦੀ ਘਾਟ ਹੋਵੇ, ਪਨੀਰੀ ਲਾਉਣ ਤੋਂ ਕੁਝ ਦਿਨਾਂ ਬਾਅਦ ਬੂਟੇ ਦੇ ਨਵੇਂ ਨਿਕਲ ਰਹੇ ਪੱਤੇ ਪੀਲੇ ਪੈ ਜਾਂਦੇ ਹਨ। ਇਸ ਨਾਲ ਬੂਟੇ ਮਰ ਜਾਂਦੇ ਹਨ ਅਤੇ ਕਈ ਵਾਰੀ ਸਾਰੀ ਦੀ ਸਾਰੀ ਫ਼ਸਲ ਹੀ ਤਬਾਹ ਹੋ ਜਾਂਦੀ ਹੈ। ਜਦੋਂ ਅਜਿਹੇ ਪੀਲੇਪਨ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਛੇਤੀ-ਛੇਤੀ ਭਰਵੇਂ ਪਾਣੀ ਫ਼ਸਲ ਨੂੰ ਦਿਉ। ਇੱਕ ਹਫ਼ਤੇ ਦੀ ਵਿੱਥ ਰੱਖ ਕੇ ਇੱਕ ਪ੍ਰਤੀਸ਼ਤ ਲੋਹੇ ਦਾ ਛਿੜਕਾਅ ਪੱਤਿਆਂ ਉੱਪਰ ਕਰੋ। ਇਸ ਲਈ ਇੱਕ ਕਿਲੋ ਫੈਰਸ ਸਲਫੇਟ ਨੂੰ 100 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਛਿੜਕੋ। ਅਜਿਹੇ 2-3 ਛਿੜਕਾਅ ਕਰਨ ਨਾਲ ਲੋਹੇ ਦੀ ਘਾਟ ਪੂਰੀ ਕੀਤੀ ਜਾ ਸਕਦੀ ਹੈ। ਧਿਆਨ ਯੋਗ ਗੱਲ ਇਹ ਹੈ ਕਿ ਲੋਹੇ ਦੀ ਜ਼ਮੀਨ ਰਾਹੀਂ ਪੂਰਤੀ ਅਸਰਦਾਰ ਨਹੀਂ ਹੈ।
ਜੈਵਿਕ ਖਾਦਾਂ ਦੀ ਵਰਤੋਂ: ਚੰਗਾ ਝਾੜ ਲੈਣ ਲਈ ਅਤੇ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਜੈਵਿਕ ਅਤੇ ਰਸਾਇਣਕ ਖਾਦਾਂ ਦੀ ਰਲਵੀਂ ਵਰਤੋਂ ਵੀ ਕੀਤੀ ਜਾ ਸਕਦੀ ਹੈ। ਝੋਨੇ ਦੀ ਲੁਆਈ ਤੋਂ ਪਹਿਲਾਂ ਰੂੜੀ ਜਾਂ ਪ੍ਰੈਸਮੱਡ ਜਾਂ ਮੁਰਗੀਆਂ ਦੀ ਖਾਦ ਜਾਂ ਸੁੱਕੀ ਹੋਈ ਗੋਬਰ ਗੈਸ ਸਲੱਰੀ ਜਾਂ ਹਰੀ ਖਾਦ ਦੀ ਵਰਤੋ ਕਰ ਸਕਦੇ ਹਾਂ। ਇਨ੍ਹਾਂ ਖਾਦਾਂ ਦੀ ਵਰਤੋਂ ਕਰਕੇ ਹੇਠ ਲਿਖੇ ਅਨੁਸਾਰ ਯੂਰੀਆ ਦੀ ਵਰਤੋਂ ਘਟਾਈ ਜਾ ਸਕਦੀ ਹੈ:
ਰੂੜੀ-6 ਟਨ ਪ੍ਰਤੀ ਏਕੜ ਨਾਲ 16 ਕਿਲੋ ਨਾਈਟ੍ਰੋਜਨ (35 ਕਿਲੋ ਯੂਰੀਆ) ਦੀ ਬਚਤ ਹੁੰਦੀ ਹੈ।
ਪ੍ਰੈਸਮੱਡ- 6 ਟਨ ਪ੍ਰਤੀ ਏਕੜ ਨਾਲ 25 ਕਿਲੋ ਨਾਈਟ੍ਰੋਜਨ (55 ਕਿਲੋ ਯੂਰੀਆ) ਦੀ ਬਚਤ ਹੁੰਦੀ ਹੈ।
ਮੁਰਗੀਆਂ ਦੀ ਖਾਦ-2.5 ਟਨ ਪ੍ਰਤੀ ਏਕੜ ਨਾਲ 25 ਕਿਲੋ ਨਾਈਟ੍ਰੋਜਨ (55 ਕਿਲੋ ਯੂਰੀਆ) ਦੀ ਬਚਤ ਹੁੰਦੀ ਹੈ।
ਗੋਬਰ ਗੈਸ ਸਲੱਰੀ (ਸੁੱਕੀ)- 2.4 ਟਨ ਪ੍ਰਤੀ ਏਕੜ ਨਾਲ 16 ਕਿਲੋ ਨਾਈਟ੍ਰੋਜਨ (35 ਕਿਲੋ ਯੂਰੀਆ) ਦੀ ਬਚਤ ਹੁੰਦੀ ਹੈ।
ਹਰੀ ਖਾਦ ਨਾਲ 25 ਕਿਲੋ ਨਾਈਟ੍ਰੋਜਨ ਤੱਤ (55 ਕਿਲੋ ਯੂਰੀਆ) ਦੀ ਬਚਤ ਹੁੰਦੀ ਹੈ।
ਗਰਮੀ ਰੁੱਤ ਦੀ ਮੂੰਗੀ ਦੀ ਰਹਿੰਦ-ਖੂੰਹਦ ਨਾਲ 16 ਕਿਲੋ ਨਾਈਟ੍ਰੋਜਨ (35 ਕਿਲੋ ਯੂਰੀਆ) ਦੀ ਬਚਤ ਹੁੰਦੀ ਹੈ।
ਪੀ ਏ ਯੂ-ਪੱਤਾ ਰੰਗ ਚਾਰਟ ਵਰਤ ਕੇ ਲੋੜ ਅਨੁਸਾਰ ਯੂਰੀਆ ਖਾਦ ਪਾਉਣ ਦੀ ਵਿਧੀ:
* ਝੋਨੇ ਦੀ ਲੁਆਈ ਸਮੇਂ 25 ਕਿੱਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ।
* ਪਨੀਰੀ ਲਾਉਣ ਤੋਂ 14 ਦਿਨ ਬਾਅਦ 7 ਦਿਨ ਦੇ ਅੰਤਰ ਤੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਨਾਲ ਮਿਲਾਉਣਾ ਸ਼ੁਰੂ ਕਰੋ ।
* ਹਰ ਵਾਰ ਖੇਤ ਵਿਚ ਦਸ ਬੂਟਿਆਂ ਦੇ ਉੱਪਰੋਂ ਪੂਰੇ ਖੁੱਲੇ ਪਹਿਲੇ ਪੱਤੇ ਦਾ ਰੰਗ ਬੂਟੇ ਨਾਲੋਂ ਤੋੜੇ ਬਿਨਾ ਚਾਰਟ ਨਾਲ ਮਿਲਾਓ।
*ਜਦੋਂ ਦਸ ਵਿਚੋਂ ਛੇ ਜਾਂ ਵੱਧ ਪੱਤਿਆਂ ਦਾ ਰੰਗ ਚਾਰਟ ਦੀ ਟਿੱਕੀ ਨੰਬਰ 4 ਤੋਂ ਫਿੱਕਾ ਹੋਵੇ ਤਾਂ 25 ਕਿੱਲੋ ਯੂਰੀਆ ਪ੍ਰਤੀ ਏਕੜ ਦਾ ਛਿੱਟਾ ਦਿਓ।
* ਜੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਦੀ ਟਿੱਕੀ ਨੰਬਰ 4 ਦੇ ਬਰਾਬਰ ਜਾਂ ਗੂੜਾ ਹੋਵੇ ਹੋਰ ਯੂਰੀਆ ਖਾਦ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ।
* ਝੋਨੇ ਦੇ ਨਿਸਰਨ ਤੋਂ ਬਾਅਦ ਪੱਤਾ ਰੰਗ ਚਾਰਟ ਦੀ ਵਰਤੋਂ ਦੀ ਲੋੜ ਨਹੀਂ ਅਤੇ ਹੋਰ ਖਾਦ ਨਹੀਂ ਪਾਉਣੀ ਚਾਹੀਦੀ ਹੈ।
ਪੱਤਾ ਰੰਗ ਚਾਰਟ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੀ ਬੀਜਾਂ ਦੀ ਦੁਕਾਨ, ਗੇਟ ਨੰਬਰ-1 ਜਾਂ ਜ਼ਿਲ੍ਹਿਆਂ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਜਾਂ ਫਾਰਮ ਸਲਾਹਕਾਰ ਕੇਂਦਰਾਂ ਤੋਂ ਖ਼ਰੀਦਿਆ ਜਾ ਸਕਦਾ ਹੈ।
We do not share your personal details with anyone
Registering to this website, you accept our Terms of Use and our Privacy Policy.
Don't have an account? Create account
Don't have an account? Sign In
Please enable JavaScript to use file uploader.
GET - On the Play Store
GET - On the App Store