This content is currently available only in Punjabi language.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਵਾਰਾ ਪਸ਼ੂਆਂ ਤੋਂ ਫ਼ਸਲਾਂ ਦੇ ਬਚਾਅ ਲਈ ਤਾਰ ਲਾਉਣ ਵਾਸਤੇ ਕੰਢੀ ਖੇਤਰ ਦੇ ਗਰੀਬ ਕਿਸਾਨਾਂ ਦੇ ਗਰੁੱਪਾਂ ਲਈ 100 ਫੀਸਦੀ ਸਬਸਿਡੀ ’ਤੇ ਵਿਚਾਰ ਕਰਨ ਲਈ ਤਿਆਰ ਹੈ।
ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਸਦਨ ਵਿੱਚ ਇਹ ਭਰੋਸਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਰੋੜੀ ਵੱਲੋਂ ਪ੍ਰਸ਼ਨ ਕਾਲ ਦੌਰਾਨ ਉਠਾਏ ਮਸਲੇ ’ਚ ਦਖ਼ਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਤੋਂ ਭਲੀਭਾਂਤ ਜਾਣੂ ਹੈ ਅਤੇ ਆਵਾਰਾ ਪਸ਼ੂਆਂ ਤੋਂ ਕਿਸਾਨਾਂ ਦੀਆਂ ਫ਼ਸਲਾਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਕੈਪਟਨ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਖੇਤਾਂ ਦੁਆਲੇ ਤਾਰ ਲਾਉਣ ਲਈ ਕਿਸਾਨਾਂ ਨੂੰ ਪਹਿਲਾਂ ਹੀ 50 ਫੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਅਤੇ ਪਿਛਲੇ ਸਾਲ ਇਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਕੰਢੀ ਖੇਤਰ ਵਿੱਚ 563 ਕਿਸਾਨਾਂ ਨੂੰ 4.21 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਵਿਧਾਇਕ ਕੰਵਰ ਸੰਧੂ ਦੇ ਸੁਝਾਅ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵਿਅਕਤੀਗਤ ਤੌਰ ’ਤੇ ਸਬਸਿਡੀ ਦੇਣ ਦੀ ਬਜਾਏ ਗਰੀਬ ਕਿਸਾਨਾਂ ਦੇ ਸਮੂਹਾਂ ਲਈ ਤਾਰ ਲਾਉਣ ਦੀ ਸਬਸਿਡੀ ਦੀ ਇਜਾਜ਼ਤ ਦੇਣ ਦੀ ਤਜਵੀਜ਼ ’ਤੇ ਵੀ ਵਿਚਾਰ ਕਰੇਗੀ। ਦੱਸਣਯੋਗ ਹੈ ਕਿ ਜੰਗਲਾਤ ਵਿਭਾਗ ਵੱਲੋਂ ਫ਼ਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਜੰਗਲੀ ਸੂਰ ਅਤੇ ਰੋਜ਼ ਦੇ ਸ਼ਿਕਾਰ ਲਈ ਪਰਮਿਟ ਦੇਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਲੋਕਾਂ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਨ ਲਈ ਵਿਸ਼ੇਸ਼ ਕੈਂਪ ਵੀ ਲਾਏ ਜਾ ਰਹੇ ਹਨ। ਕੈਪਟਨ ਨੇ ਘਨੌਰ ਦੇ ਬੱਸ ਅੱਡੇ ਨੇੜੇ ਸਥਿਤ ਥਾਣੇ ਨੂੰ ਕਿਸੇ ਹੋਰ ਜਗ੍ਹਾ ਤਬਦੀਲ ਕਰਨ ਦੇ ਕਿਸੇ ਵੀ ਕਦਮ ਨੂੰ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਉਠਾਏ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਥਾਣੇ ਦੀ ਮੌਜੂਦਾ ਜਗ੍ਹਾ ਤੇ ਇਮਾਰਤ ਭਾਵੇਂ ਬੱਸ ਅੱਡੇ ਅਤੇ ਮੁੱਖ ਬਾਜ਼ਾਰ ਦੇ ਨੇੜੇ ਹੈ ਪਰ ਸੁਰੱਖਿਆ ਦੇ ਲਿਹਾਜ਼ ਤੋਂ ਇਹ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਢੁੱਕਵੀਂ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ ’ਤੇ ਲਾਠੀਚਾਰਜ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਦਨ ਵਿਚ ਕੰਮ ਰੋਕੂ ਪ੍ਰਸਤਾਵ ਲਿਆਂਦਾ ਪਰ ਸਪੀਕਰ ਵੱਲੋਂ ਇਸ ਨੂੰ ਸਵੀਕਾਰ ਨਾ ਕਰਨ ਕਾਰਨ ‘ਆਪ’ ਵਿਧਾਇਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਦਨ ’ਚੋਂ ਵਾਕਆਊਟ ਕੀਤਾ, ਜਿਸ ਕਾਰਨ ਸਦਨ ਵਿਚ ਮੁਲਾਜ਼ਮ ਮੰਗਾਂ ਬਾਰੇ ਗੱਲ ਨਾ ਹੋ ਸਕੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune