ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਕਿਸਾਨ ਮੋਦੀ ਸਰਕਾਰ ਖ਼ਿਲਾਫ਼ ਗਰਜ ਰਹੇ ਹਨ। ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਰੇਲਵੇ ਸਟੇਸ਼ਨ ਨੇੜੇ 62 ਦਿਨਾਂ ਤੋਂ ਰੋਸ ਧਰਨਾ ਜਾਰੀ ਹੈ, ਉਥੇ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਕਿਸਾਨ ਭਾਜਪਾ ਆਗੂ ਦੇ ਘਰ ਤੇ ਖੇੜੀ ਰਿਲਾਇੰਸ ਪੰਪ ਅੱਗੇ ਡਟੇ ਹੋਏ ਹਨ। ਇਨ੍ਹਾਂ ਰੋਸ ਧਰਨਿਆਂ ’ਚ ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਜੋਸ਼ ਤੇ ਉਤਸ਼ਾਹ ਬਰਕਰਾਰ ਹੈ। ਰੇਲਵੇ ਸਟੇਸ਼ਨ ਨੇੜੇ ਰੋਸ ਧਰਨੇ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਗੁਰਦੇਵ ਸਿੰਘ ਤੁੰਗਾਂ, ਹਰਮੇਲ ਸਿੰਘ ਮਹਿਰੋਕ, ਨਰੰਜਣ ਸਿੰਘ, ਹਰਜੀਤ ਸਿੰਘ ਕਲੌਦੀ, ਗੱਜਣ ਸਿੰਘ, ਅਮਰਜੀਤ ਸਿੰਘ ਬਡਰੁੱਖਾਂ ਆਦਿ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਧਰ, ਭਾਜਪਾ ਆਗੂ ਦੇ ਘਰ ਤੇ ਰਿਲਾਇੰਸ ਪੰਪ ਅੱਗੇ ਬਲਾਕ ਆਗੂਆਂ ਗੋਬਿੰਦਰ ਸਿੰਘ ਮੰਗਵਾਲ ਤੇ ਗੋਬਿੰਦਰ ਸਿੰਘ ਬਡਰੁੱਖਾਂ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਜਿਥੇ ਦਿੱਲੀ ਮੋਰਚੇ ’ਚ ਮੋਦੀ ਸਰਕਾਰ ਖ਼ਿਲਾਫ਼ ਡਟ ਗਏ ਹਨ, ਉਥੇ ਪੰਜਾਬ ਦੇ ਮੋਰਚਿਆਂ ’ਚ ਵੀ ਆਵਾਜ਼ ਬੁਲੰਦ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਅੜੀਅਲ ਰਵੱਈਆ ਅਖਤਿਆਰ ਕੀਤਾ ਹੋਇਆ ਹੈ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਕਿਸਾਨਾਂ ਦੇ ਪੱਖ ਨੂੰ ਸਮਝਣ ਦੀ ਬਜਾਏ ਪ੍ਰਧਾਨ ਮੰਤਰੀ ਖੇਤੀ ਕਾਨੂੰਨਾਂ ਦੇ ਸੋਹਲੇ ਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਵੀ ਸਪਸ਼ਟ ਕਰ ਦਿੱਤਾ ਹੈ ਕਿ ਖੇਤੀ ਕਾਨੂੰਨਾਂ ’ਤੇ ਕੋਈ ਚਰਚਾ ਜਾਂ ਵਿਚਾਰ ਵਿਟਾਂਦਰਾ ਨਹੀਂ ਹੋਵੇਗਾ ਸਗੋਂ ਇਹ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਕਿਸਾਨਾਂ ਵੱਲੋਂ ਕੂਚ ਕਰਨ ਦਾ ਸਿਲਸਲਾ ਜਾਰੀ ਹੈ ਤੇ ਰੋਜ਼ਾਨਾ ਕਿਸਾਨ ਤੇ ਨੌਜਵਾਨ ਦਿੱਲੀ ਮੋਰਚੇ ’ਚ ਸ਼ਾਮਲ ਹੋਣ ਲਈ ਰਵਾਨਾ ਹੋ ਰਹੇ ਹਨ। ਉਨ੍ਹਾਂ ਦਿੱਲੀ ਦੇ ਹਰ ਵਰਗ ਦੇ ਲੋਕਾਂ ਵੱਲੋਂ ਕਿਸਾਨਾਂ ਦੀ ਡਟਵੀਂ ਹਮਾਇਤ ਕਰਨ ਤੇ ਭਰਵਾਂ ਸਹਿਯੋਗ ਦੇਣ ਬਦਲੇ ਸ਼ਲਾਘਾ ਕੀਤੀ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਅਣਖੀਂ ਕਿਸਾਨ ਹੁਣ ਮੋਰਚੇ ਤੋਂ ਪਿੱਛੇ ਨਹੀਂ ਹਟਣਗੇ ਤੇ ਮੋਦੀ ਸਰਕਾਰ ਨੂੰ ਝੁਕਣਾ ਪਏਗਾ। ਉਨ੍ਹਾਂ ਮੰਗ ਕੀਤੀ ਕਿ ਬਗੈਰ ਕਿਸੇ ਮੰਗ ਤੋਂ ਥੋਪੇ ਗਏ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐੱਮਐੱਸਪੀ ਜਾਰੀ ਰੱਖਦਿਆਂ ਸਰਕਾਰੀ ਖਰੀਦ ਦੀ ਗਾਰੰਟੀ ਦਿੱਤੀ ਜਾਵੇ।
ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੰਭੂ ਵਿੱਚ ਕਿਸਾਨ ਮੋਰਚਾ ਜਾਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਆਰੰਭੇ ਗਏ ਸੰਘਰਸ਼ ਤਹਿਤ ਇਸ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਕਿਸਾਨ ਵਿੰਗ ਵੱਲੋੋਂ ਇਸ ਦੇ ਆਗੂਆਂ ਲਖਵੀਰ ਸਿੰਘ ਸੌਂਟੀ, ਜਗਪਾਲ ਸਿੰਘ, ਹਰਪਾਲ ਸਿੰਘ ਮੋਗਾ, ਸੁਖਦੇਵ ਸਿੰਘ, ਜਸਵੰਤ ਸਿੰਘ ਜਵਾਹਰ ਸਿੰਘ ਵਾਲਾ ਅਤੇ ਜਗਜੀਤ ਸਿੰਘ ਖਾਲਸਾ ਰਾਜਪੁਰਾ ਦੀ ਅਗਵਾਈ ਹੇਠ ਕਿਸਾਨ ਮੋਰਚਾ ਅੱਜ ਵੀ ਜਾਰੀ ਰਿਹਾ। ਇਸੇ ਦੌਰਾਨ ਰਾਜਪੁਰਾ-ਅੰਬਾਲਾ ਜੀਟੀ ਰੋਡ ’ਤੇ ਸ਼ੰਭੂ ਨੇੜੇ ਪਿੰਡ ਬਪਰੌਰ ਤੇ ਮਦਨਪੁਰ ਚਲਹੇੜੀ ਦੇ ਰਿਲਾਇੰਸ ਪੈਟਰੋਲ ਪੰਪਾਂ ’ਤੇ ਕਿਸਾਨ ਆਗੂਆਂ ਭਗਵਾਨ ਸਿੰਘ ਖਾਲਸਾ ਹਰਪਾਲਪੁਰ, ਸੁਖਦੇਵ ਸਿੰਘ ਨਨਹੇੜੀ ਦੀ ਅਗਵਾਈ ਵਿੱਚ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਆਖਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ, ਬਿਜਲੀ ਸੋਧ ਐਕਟ-2020 ਤੇ ਪ੍ਰਦੁੂਸ਼ਣ ਸਬੰਧੀ ਆਰਡੀਨੈਂਸ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਪੰਜਾਬ ਦੀ ਕਿਸਾਨੀ ਤੇ ਸਮੁੱਚੀ ਆਰਥਿਕਤਾ ਨੂੰ ਢਾਅ ਲਗਾਉਣ ਦੇ ਮਨਸੂਬੇ ਬਣਾਏ ਜਾ ਰਹੇ ਹਨ। ਜਿਸ ਨੂੰ ਪੰਜਾਬ ਦੇ ਕਿਸਾਨ, ਮਜ਼ਦੂਰ, ਵਪਾਰੀ, ਦੁਕਾਨਦਾਰ ਤੇ ਮੁਲਾਜ਼ਮ ਸਮੇਤ ਹੋਰ ਵਰਗ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਕਿਸਾਨ ਆਗੂਆਂ ਨੇ ਆਖਿਆ ਕਿ ਜਦੋਂ ਤੱਕ ਮੋਦੀ ਸਰਕਾਰ ਕਿਸਾਨ, ਮਜ਼ਦੂਰ ਵਿਰੋਧੀ ਖੇਤੀ ਕਾਨੂੰਨ ਤੇ ਹੋਰ ਆਰਡੀਨੈਂਸ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ, ਮਜ਼ਦੂਰਾਂ ਸਣੇ ਹੋਰ ਵਰਗਾਂ ਵੱਲੋਂ ਅਰੰਭਿਆ ਗਿਆ ਸੰਘਰਸ਼ ਜਾਰੀ ਰਹੇਗਾ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune

                                
                                        
                                        
                                        
                                        
 
                            