ਕੇਂਦਰ ਵਿਚਲੀ ਬੀਜੇਪੀ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਉਨ੍ਹਾਂ ਸਮੂਹ ਸਿਆਸੀ ਧਿਰਾਂ ਨੂੰ ਪੰਜਾਬ ਦੀ ਰਾਖੀ ਲਈ ਸਿਆਸੀ ਹਿੱਤਾਂ ਤੋਂ ਉਪਰ ਉਠਣ ਦੀ ਅਪੀਲ ਕੀਤੀ ਹੈ।
ਜਾਣੋ ਕੈਪਟਨ ਵੱਲੋਂ ਪੇਸ਼ ਖਰੜੇ ਵਿੱਚ ਕੀ-
1. ਸਦਨ ਵਿੱਚ ਪਾਸ ਕੀਤੇ ਗਏ ਮਤੇ ਮੁਤਾਬਕ ਸੂਬੇ ਦੀ ਵਿਧਾਨ ਸਭਾ ਭਾਰਤ ਸਰਕਾਰ ਵੱਲੋਂ ਹੁਣੇ ਜਿਹੇ ਘੜੇ ਗਏ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਹੱਲ ਨੂੰ ਲੈ ਕੇ ਅਪਣਾਏ ਗਏ ਕਠੋਰ ਤੇ ਬੇਤਰਕ ਵਤੀਰੇ ਪ੍ਰਤੀ ਡੂੰਘਾ ਖੇਦ ਪ੍ਰਗਟ ਕਰਦੀ ਹੈ। ਮਤੇ ਮੁਤਾਬਕ ਵਿਧਾਨ ਸਭਾ ਇਨ੍ਹਾਂ ਖੇਤੀ ਕਾਨੂੰਨਾਂ ਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ, 2020 ਨੂੰ ਸਰਬਸੰਮਤੀ ਨਾਲ ਖਾਰਜ ਕਰਨ ਲਈ ਮਜਬੂਰ ਹੈ।
2. ਕੇਂਦਰੀ ਖੇਤੀ ਕਾਨੂੰਨਾਂ ਕਿਸਾਨੀ ਜਿਣਸ, ਵਪਾਰ ਤੇ ਵਣਜ (ਉਤਸ਼ਾਹਤ ਕਰਨ ਤੇ ਸੁਖਾਲਾ ਬਣਾਉਣ) ਐਕਟ-2020 , ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਐਕਟ-2020 ਤੇ ਜ਼ਰੂਰੀ ਵਸਤਾਂ ਸੋਧ ਐਕਟ-2020 ਦੇ ਹਵਾਲੇ ਨਾਲ ਸਦਨ ਵਿੱਚ ਪੇਸ਼ ਕੀਤੇ ਗਏ ਮਤੇ ਵਿੱਚ ਕਿਹਾ ਗਿਆ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਵੱਲੋਂ 14 ਸਤੰਬਰ, 2020 ਨੂੰ ਪੱਤਰ ਨੰ: ਸੀਐਮਓ/ਕਾਨਫੀ/2020/635 ਰਾਹੀਂ ਪ੍ਰਧਾਨ ਮੰਤਰੀ ਨੂੰ ਸਦਨ ਦੀਆਂ ਚਿੰਤਾਵਾਂ ਤੇ ਜਜ਼ਬਾਤਾਂ ਤੋਂ ਜਾਣੂ ਕਰਵਾਇਆ ਗਿਆ ਤੇ ਬਾਵਜੂਦ ਇਸ ਦੇ ਕੇਂਦਰ ਸਰਕਾਰ ਨੇ 24 ਸਤੰਬਰ ਤੇ 26 ਸਤੰਬਰ ਨੂੰ ਸਬੰਧਤ ਖੇਤੀ ਆਰਡੀਨੈਂਸਾਂ ਨੂੰ ਕਾਨੂੰਨਾਂ ਵਿੱਚ ਤਬਦੀਲ ਕਰਕੇ ਨੋਟੀਫਾਈ ਕਰ ਦਿੱਤਾ।
3. ਮਤੇ ਮੁਤਾਬਕ ਪ੍ਰਸਤਾਵਿਤ ਬਿਜਲੀ ਸੋਧ ਬਿੱਲ-2020 ਸਮੇਤ ਇਹ ਤਿੰਨੇ ਖੇਤੀ ਕਾਨੂੰਨ ਸਪੱਸ਼ਟ ਤੌਰ ਤੇ ਜਿੱਥੇ ਕਿਸਾਨਾਂ, ਬੇਜ਼ਮੀਨੇ ਕਾਮਿਆਂ ਦੇ ਹਿੱਤਾਂ ਨੂੰ ਢਾਹ ਲਾਉਂਦਾ ਹੈ, ਉੱਥੇ ਹੀ ਪੰਜਾਬ ਦੇ ਨਾਲ-ਨਾਲ ਮੁਢਲੀ ਹਰੀ ਕ੍ਰਾਂਤੀ ਦੇ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਖਿੱਤਿਆਂ ਵਿੱਚ ਚਿਰਾਂ ਤੋਂ ਸਥਾਪਤ ਖੇਤੀਬਾੜੀ ਮੰਡੀਕਰਨ ਪ੍ਰਣਾਲੀ ਦੇ ਵੀ ਵਿਰੁੱਧ ਹਨ। ਮਤੇ ਰਾਹੀਂ ਕਿਹਾ ਗਿਆ ਕਿ ਇਹ ਕਾਨੂੰਨ ਪ੍ਰਤੱਖ ਤੌਰ ਤੇ ਭਾਰਤ ਸਰਕਾਰ ਨੇ ਖੇਤੀ ਨਾਲ ਸਬੰਧਤ ਨਹੀਂ ਸਗੋਂ ਵਪਾਰਕ ਕਾਨੂੰਨ ਘੜੇ ਹਨ।
4. ਮਤੇ ਵਿੱਚ ਕਿਹਾ ਗਿਆ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ (ਐਂਟਰੀ 14 ਲਿਸਟ-2), ਜਿਸ ਅਨੁਸਾਰ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ, ਦੇ ਵੀ ਖਿਲਾਫ ਹਨ। ਵਿਧਾਨ ਸਭਾ ਦੇ ਸਪੀਕਰ ਵੱਲੋਂ ਪੜ੍ਹੇ ਗਏ ਮਤੇ ਮੁਤਾਬਕ ਇਹ ਕਾਨੂੰਨ ਦੇਸ਼ ਦੇ ਸੰਵਿਧਾਨ ਵਿੱਚ ਦਰਜ ਸੂਬੇ ਦੇ ਕਾਰਜਾਂ ਤੇ ਸ਼ਕਤੀਆਂ ਤੇ ਸਿੱਧਾ ਹਮਲਾ ਹਨ ਤੇ ਉਨ੍ਹਾਂ ਨੂੰ ਛਲਾਵੇ ਨਾਲ ਹਥਿਆਉਣ ਦਾ ਯਤਨ ਹੈ।
5. ਮਤੇ ਰਾਹੀਂ ਖੇਤੀ ਕਾਨੂੰਨਾਂ ਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਹ ਵੀ ਮੰਗ ਕੀਤੀ ਗਈ ਕਿ ਭਾਰਤ ਸਰਕਾਰ ਨਾ ਸਿਰਫ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ ਬਲਕਿ ਅਨਾਜ ਦੇ ਘੱਟੋ-ਘੱਟ ਸਮਰਥਨ ਮੁੱਲ ਉਪਰ ਖਰੀਦ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਉਣ ਤੇ ਭਾਰਤੀ ਖੁਰਾਕ ਨਿਗਮ ਅਜਿਹੇ ਹੋਰ ਅਦਾਰਿਆਂ ਰਾਹੀਂ ਨਵੇਂ ਆਰਡੀਨੈਂਸ ਜਾਰੀ ਕਰੇ।
ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਪੇਸ਼ ਕੀਤੇ ਜਾ ਰਹੇ ਬਿੱਲ ਸੂਬੇ ਵੱਲੋਂ ਅੱਗੇ ਕਾਨੂੰਨੀ ਲੜਾਈ ਲੜਨ ਦਾ ਅਧਾਰ ਬਣਨਗੇ ਜਿਸ ਕਰਕੇ ਇਨ੍ਹਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਇਸ ਨੂੰ ਚੰਗੀ ਤਰ੍ਹਾਂ ਜਾਚਣ ਦੀ ਲੋੜ ਸੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ABP Live

                                
                                        
                                        
                                        
                                        
 
                            