ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਦੇ ਪਹਿਲੇ ਤੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਚ 589 ਯੋਗ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਸਕਦੇ ਸਨ, ਪਰ ਤਿੰਨ ਪਿੰਡ ਅਜਿਹੇ ਹਨ, ਜਿਨ੍ਹਾਂ ਵਿੱਚ ਕਿਸੇ ਵੀ ਕਿਸਾਨ ਦਾ ਕਰਜ਼ਾ ਮੁਆਫ਼ ਨਹੀਂ ਹੋਇਆ। ਇੱਥੇ ਕਰਜ਼ਾ ਮੁਆਫ਼ੀ ਵਿੱਚ ਹੋ ਰਹੀ ਦੇਰੀ ਕਰਕੇ ਸਥਾਨਕ ਸਹਿਕਾਰੀ ਸਭਾ ਦੇ ਸਕੱਤਰ ਨੇ ਸਬੰਧਿਤ ਅਧਿਕਾਰੀਆਂ ਤੇ ਘਪਲੇ ਦੇ ਇਲਜ਼ਾਮ ਲਾਏ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਵੀ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਾਵਾਈ ਕਰਨ ਜੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਜਾਰੀ ਕਰਨ ਦੀ ਮੰਗ ਕੀਤੀ ਹੈ।
ਪੰਜਾਬ ਸਹਿਕਾਰੀ ਵਿਭਾਗ ਦੇ ਰਿਕਾਰਡ ਮੁਾਤਬਕ ਪਿੰਡ ਕੋਟਰਾ ਲਹਿਲ, ਗੋਬਿੰਦਪੁਰਾ ਜਵਾਹਰਵਾਲ ਤੇ ਰਾਮਪੁਰਾ ਜਵਾਹਰਵਾਲ ਦੇ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੇ ਮਾਲ ਵਿਭਾਗ ਦੇ ਅਫਸਰਾਂ ਤੇ SDM ਦਫਤਰ ਕੋਲ ਸਾਰੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਤਿੰਨਾਂ ਪਿੰਡਾਂ ਦੇ ਸੈਂਕੜੇ ਕਿਸਾਨਾਂ ਨੇ ਦਫ਼ਤਰਾਂ ਦੇ ਕਈ-ਕਈ ਚੱਕਰ ਲਾਏ ਹਨ, ਪਰ ਅਫ਼ਸਰਾਂ ਨੇ ਹਾਲੇ ਤਕ ਉਨ੍ਹਾਂ ਨੂੰ ਕੋਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ।
ਨਿਯਮ ਮੁਤਾਬਕ ਉਨ੍ਹਾਂ ਨੂੰ ਕਰਜ਼ਾ ਮੁਆਫ਼ੀ ਸਕੀਮ ਦੇ ਪਹਿਲੇ ਦੋ ਪੜਾਵਾਂ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ ਪਰ ਅੱਜ ਤਕ ਇਨ੍ਹਾਂ ਤਿੰਨਾਂ ਪਿੰਡਾਂ ਦੇ ਕਿਸੇ ਵੀ ਕਿਸਾਨ ਨੂੰ ਕੋਈ ਵਿੱਤੀ ਸਹਾਇਤਾ ਪ੍ਰਾਪਤ ਨਹੀਂ ਹੋਈ ਜਦਕਿ ਜਨਵਰੀ ਵਿਚ ਕਰਜ਼ਾ ਮੁਆਫੀ ਸਕੀਮ ਦਾ ਤੀਜਾ ਪੜਾਅ ਵੀ ਲਾਂਚ ਕਰ ਦਿੱਤਾ ਗਿਆ ਹੈ।
ਕਈ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਇਲਜ਼ਾਮ ਲਾਏ ਹਨ ਕਿ ਉਨ੍ਹਾਂ ਚੋਣਾਂ ਤੋਂ ਪਹਿਲਾਂ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਪਰ ਹੁਣ ਉਨ੍ਹਾਂ ਚੋਣਵੇਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਬਾਕੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਫ਼ਸਰਾਂ ਦੇ ਅੜਿੱਕੇ ਪਾਉਣ ਕਰਕੇ ਯੋਗ ਕਿਸਾਨਾਂ ਨੂੰ ਅੱਧੀ ਸਹਾਇਤਾ ਵੀ ਨਹੀਂ ਮਿਲ ਰਹੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ABP Sanjha

 
                                
 
                                         
                                         
                                         
                                         
 
                            
 
                                            