ਮੁਹਾਲੀ ਜ਼ਿਲ੍ਹੇ ਦੇ 182.5 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ

August 12 2019

ਮੁਹਾਲੀ ਵਿੱਚ ਸਾਉਣੀ 2019-20 ਦੌਰਾਨ ਕੁਲ 182.5 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ ਜਦੋਂਕਿ ਪਿਛਲੇ ਸੀਜ਼ਨ ਵਿੱਚ ਕੁਲ 157.5 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਖੇਤੀਬਾੜੀ ਅਫ਼ਸਰ ਹਰਪਾਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਕਿਸਾਨਾਂ ਦਾ ਪ੍ਰਤੀ ਏਕੜ ਖਰਚਾ ਘਟਦਾ ਹੈ, ਉੱਥੇ ਪਾਣੀ ਦੀ ਖਪਤ ਵੀ ਘਟਦੀ ਹੈ।

ਉਨ੍ਹਾਂ ਦੱਸਿਆ ਕਿ ਕਣਕ ਵਾਂਗ ਝੋਨੇ ਦੀ ਵੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ ਜਿਸ ਲਈ ਸਿਰਫ਼ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਹੀ ਢੁੱਕਵੀਆਂ ਹਨ। ਹਲਕੀਆਂ ਜ਼ਮੀਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਡਰਿੱਲ ਨਾਲ ਕੀਤੀ ਜਾਣੀ ਚਾਹੀਦੀ ਹੈ ਤੇ ਬੀਜ ਦੀ ਡੂੰਘਾਈ ਦੋ ਤੋਂ ਤਿੰਨ ਸੈਂਟੀਮੀਟਰ ਅਤੇ ਕਤਾਰਾਂ ਵਿਚਲਾ ਫਾਸਲਾ 20 ਸੈਂਟੀਮੀਟਰ ਰੱਖਣਾ ਚਾਹੀਦਾ ਹੈ। ਪ੍ਰਤੀ ਏਕੜ 8 ਤੋਂ 10 ਕਿੱਲੋ ਬੀਜ ਕਾਫ਼ੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸਿੱਧੇ ਬੀਜੇ ਝੋਨੇ ਤੋਂ ਪੂਰਾ ਝਾੜ ਲੈਣ ਲਈ ਨਦੀਨਾਂ ਦੀ ਰੋਕਥਾਮ ਵੀ ਬਹੁਤ ਜ਼ਰੂਰੀ ਹੈ, ਜਿਸ ਲਈ ਬਿਜਾਈ ਤੋਂ 2 ਦਿਨਾਂ ਦੇ ਅੰਦਰ ਪੈਂਡੀਮੈਥਰਿਨ 1000-1500 ਗ੍ਰਾਮ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਵਰਤਣੀ ਚਾਹੀਦੀ ਹੈ ਅਤੇ ਨੌਮਨੀਗੋਲਡ 10 ਐਸਸੀ ਬਿਸਪਾਇਰੀਬੈਕ) 100 ਮਿਲੀ ਲੀਟਰ ਪ੍ਰਤੀ ਏਕੜ 150 ਲੀਟਰ ਪਾਣੀ ਵਿੱਚ ਘੋਲ ਕੇ ਜਾਂ ਸੈਗਮੈਟ 50 ਡੀਐਫ਼ (ਅਜ਼ਿਮਸਲਫੂਰਾਨ) 16 ਗਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਨਦੀਨ ਦੇ 2-3 ਪੱਤੇ ਆਉਣ ਉੱਤੇ ਛਿੜਕਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿੱਧੇ ਬੀਜੇ ਝੋਨੇ ਦੀ ਫਸਲ ਵਿੱਚ 130 ਕਿੱਲੋ ਯੂਰੀਆ ਪ੍ਰਤੀ ਏਕੜ ਚਾਰ ਬਰਾਬਰ ਹਿੱਸਿਆਂ ਵਿੱਚ ਵੰਡ ਕੇ ਬਿਜਾਈ ਤੋਂ ਦੋ, ਚਾਰ, ਸੱਤ ਅਤੇ 10 ਹਫ਼ਤਿਆਂ ਬਾਅਦ ਛਿੱਟੇ ਨਾਲ ਪਾਉਣਾ ਚਾਹੀਦਾ ਹੈ। ਫਾਸਫੋਰਸ ਅਤੇ ਪੋਟਾਸ਼ ਤੱਤਾਂ ਦੀ ਵਰਤੋਂ ਤਾਂ ਹੀ ਕਰਨੀ ਚਾਹੀਦੀ ਹੈ, ਜੇਕਰ ਮਿੱਟੀ ਪਰਖ ਦੇ ਆਧਾਰ ’ਤੇ ਇਨ੍ਹਾਂ ਤੱਤਾਂ ਦੀ ਘਾਟ ਹੋਵੇ।

ਖੇਤੀਬਾੜੀ ਵਿਕਾਸ ਅਫ਼ਸਰ ਗੁਰਦਿਆਲ ਕੁਮਾਰ ਨੇ ਦੱਸਿਆ ਕਿ ਜ਼ਮੀਨ ਦੀ ਕਿਸਮ ਦੇ ਹਿਸਾਬ ਨਾਲ ਤਿੰਨ ਤੋਂ ਪੰਜ ਦਿਨਾਂ ਦੇ ਵਕਫ਼ੇ ’ਤੇ ਫਸਲ ਨੂੰ ਪਾਣੀ ਦਿੰਦੇ ਰਹਿਣਾ ਚਾਹੀਦਾ ਹੈ ਅਤੇ ਬਾਰਸ਼ ਦੇ ਹਿਸਾਬ ਨਾਲ ਪਾਣੀ ਦੇਣ ਦਾ ਵਕਫ਼ਾ ਘਟਾ-ਵਧਾ ਦੇਣਾ ਚਾਹੀਦਾ ਹੈ। ਆਖ਼ਰੀ ਪਾਣੀ ਝੋਨਾ ਵੱਡਣ ਤੋਂ ਦਸ ਦਿਨ ਪਹਿਲਾਂ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰੀਕੇ ਨਾਲ ਪਾਣੀ ਦੀ ਕਰੀਬ 10 ਤੋਂ 15 ਫੀਸਦੀ ਬੱਚਤ ਹੁੰਦੀ ਹੈ। ਇਸ ਮੰਤਵ ਲਈ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਵੱਟਾਂ/ਬੈੱਡਾਂ ’ਤੇ ਕਰਨ ਸਬੰਧੀ ਜਾਣਕਾਰੀ ਦੇਣ ਲਈ ਖੇਤਾਂ ਦੇ ਪ੍ਰਭਾਵੀ ਦੌਰੇ ਵੀ ਕਰਵਾਏ ਜਾਂਦੇ ਹਨ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਵੀ ਹਾਜ਼ਰ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ