ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਜ਼ਾ ਉਤਾਰ ਕੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਮਾਨਸਾ ਜ਼ਿਲ੍ਹੇ ਵਿਖੇ ਨਵੇਂ ਚੁਣੇ ਗਏ ਪੰਚਾਂ, ਸਰਪੰਚਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਵਾਉਣ ਲਈ ਆਯੋਜਿਤ ਕੀਤੇ ਗਏ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਸਹੁੰ ਚੁੱਕ ਸਮਾਗਮ ਦੌਰਾਨ ਔਰਤਾਂ ਦੀ ਸ਼ਮੂਲੀਅਤ ਦੇਖਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਅੱਜ ਚੋਣਾਂ ਵਿੱਚ 50 ਫੀਸਦੀ ਔਰਤਾਂ ਦਾ ਰਾਖਵਾਂਕਰਨ ਰੱਖਿਆ ਗਿਆ ਹੈ। ਉਨ੍ਹਾਂ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਦਾ ਵੀ ਧੰਨਵਾਦ ਕੀਤਾ।ਕੈਬਨਿਟ ਮੰਤਰੀ ਸ਼੍ਰੀ ਸਿੱਧੂ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਡੈਪੋ ਮੁਹਿੰਮ ਚਲਾਈ ਗਈ ਅਤੇ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਸ਼ੂ ਪਾਲਣ, ਮੱਛੀ ਪਾਲਣ, ਸੂਰ ਪਾਲਣ ਤੇ ਡੇਅਰੀ ਵਰਗੇ ਸਹਾਇਕ ਧੰਦਿਆਂ ਵੱਲ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਉਣ ਦੇ ਨਾਲ-ਨਾਲ ਨਵੀਂਆਂ ਤਕਨੀਕਾਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਜਾਇਜ਼ ਕਬਜੇ ਹਟਾਏ ਜਾ ਰਹੇ ਹਨ ਅਤੇ 1400 ਏਕੜ ਪੰਚਾਇਤੀ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਮੈਨੀਫੈਸਟੋ ਵਿੱਚ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: 5 Dariya News