Thousands of applications sent to Chief Minister for debt relief

February 12 2019

This content is currently available only in Punjabi language.

ਆਰਥਿਕ ਤੰਗੀਆਂ-ਤੁਰਸ਼ੀਆਂ ਤੋਂ ਅੱਕ ਕੇ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ-ਮਜ਼ਦੂਰਾਂ ਅਤੇ ਹੋਰ ਗ਼ਰੀਬ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਗ੍ਰਾਂਟ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਅਕਾਲੀਆਂ ਵੇਲੇ ਤੋਂ ਕੀਤੇ ਵਾਅਦੇ ਨੂੰ ਵਫ਼ਾ ਕਰਵਾਉਣ ਲਈ ਪੰਜਾਬ ਕਿਸਾਨ ਯੂਨੀਅਨ ਵੱਲੋਂ 22 ਜਨਵਰੀ ਤੋਂ ਜ਼ਿਲ੍ਹਾ ਕਚਹਿਰੀਆਂ ਵਿਚ ਲਾਏ ਪੱਕੇ ਮੋਰਚੇ ਦੌਰਾਨ ਵੱਡੀ ਗਿਣਤੀ ਕਿਸਾਨਾਂ ਨੇ ਕਰਜ਼ਾ ਖਤਮ ਕਰਨ ਲਈ ਹਜ਼ਾਰਾਂ ਦਰਖਾਸਤਾਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਭੇਜੀਆਂ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਹਰੀ ਕ੍ਰਾਂਤੀ ਦੇ ਨਾਇਕ ਦੀ ਇਸ ਔਖੀ ਘੜੀ ਵਿਚ ਬਾਂਹ ਫੜਨੀ ਚਾਹੀਦੀ ਹੈ ਕਿਉਂਕਿ ਅੰਨਦਾਤਾ ਦੀ ਮਿਹਨਤ ਨਾਲ ਪੂਰੇ ਮੁਲਕ ਦਾ ਰੁਜ਼ਗਾਰ ਤੁਰਿਆ ਹੈ।

ਪੰਜਾਬ ਸਰਕਾਰ ਦੇ ਨਾਮ ਭੇਜਣ ਲਈ ਹਜ਼ਾਰਾਂ ਦਰਖ਼ਾਸਤਾਂ ਲੈ ਕੇ ਜ਼ਿਲ੍ਹਾ ਕਚਹਿਰੀ ਵਿਚ ਪੁੱਜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਸਕੱਤਰ ਪਰਸ਼ੋਤਮ ਸ਼ਰਮਾ ਨੇ ਕਿਹਾ ਕਿ ਕਰਜ਼ੇ ਕਾਰਨ ਖ਼ੁਦਕੁਸ਼ੀਆਂ ਕਰ ਚੁੱਕੇ ਕਿਸਾਨ, ਕਿਸਾਨੀ ਸੰਕਟ ਦੇ ਸ਼ਹੀਦ ਹਨ, ਜਿਨ੍ਹਾਂ ਨੂੰ ਵਿਧਾਨ ਸਭਾ ਵਿਚ ਸ਼ਰਧਾਂਜਲੀ ਭੇਂਟ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਸਹੂਲਤਾਂ ਦਾ ਐਲਾਨ ਕਰਨਾ ਚਾਹੀਦਾ ਹੈ।

ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਰਕਾਰ ਵੱਲੋਂ ਆਰਥਿਕ ਸੰਕਟ ਦੇ ਮਧੋਲੇ ਅੰਨਦਾਤਾ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ, ਜਿਸ ਕਾਰਨ ਸਾਰੇ ਦੇਸ਼ ਦਾ ਢਿੱਡ ਭਰਨ ਵਾਲੇ ਦਲੇਰ ਪੰਜਾਬੀਆ ਦੇ ਘਰਾਂ ਵਿਚ ਸੱਥਰ ਵਿਛ ਰਹੇ ਹਨ ਅਤੇ ਪੰਜਾਬ ਦਾ ਹਰ ਪਿੰਡ ਕਿਸਾਨਾਂ ਦੀਆਂ ਲਾਸ਼ਾਂ ਦਾ ਘਰ ਬਣਦਾ ਜਾ ਰਿਹਾ ਹੈ।

ਸੀਪੀਆਈ (ਐੱਮ.ਐੱਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ ਨੇ ਕਿਹਾ ਕਿ ਜਥੇਬੰਦੀ ਵੱਲੋਂ 21 ਦਿਨਾਂ ਤੋਂ ਜ਼ਿਲ੍ਹਾ ਕਚਹਿਰੀ ਵਿਚ ਮੋਰਚਾ ਲਗਾਇਆ ਗਿਆ ਹੈ ਪਰ ਸਰਕਾਰ ਨੇ ਅਜੇ ਕਿਸਾਨਾਂ ਦੀ ਕੋਈ ਮੰਗ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ ਪੇਸ਼ ਹੋ ਚੁੱਕਾ ਹੈ ਤੇ ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਨਾ ਹੈ, ਜਿਸ ਵਿਚੋਂ ਕਿਸਾਨਾਂ-ਮਜ਼ਦੂਰਾਂ ਨੂੰ ਬਣਦਾ ਹਿੱਸਾ ਮਿਲਣਾ ਚਾਹੀਦਾ ਹੈ।

ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਮੰਗ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇ ਅਤੇ ਸਾਬਕਾ ਸਰਪੰਚ ਰਣਜੀਤ ਸਿੰਘ ਤਾਮਕੋਟ ’ਤੇ ਪਾਇਆ ਝੂਠਾ ਕੇਸ ਰੱਦ ਕੀਤਾ ਜਾਵੇ ਤੇ ਉਸ ਦੇ ਪਰਿਵਾਰ ਨੂੰ ਡਰਾਉਣਾ ਬੰਦ ਕੀਤਾ ਜਾਵੇ। ਇਸ ਦੌਰਾਨ ਐਲਾਨ ਕੀਤਾ ਗਿਆ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 28 ਫਰਵਰੀ ਨੂੰ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਇਸ ਮੌਕੇ ਭਗਵੰਤ ਸਿੰਘ ਸਮਾਓਂ, ਗੁਰਨਾਮ ਸਿੰਘ ਭੀਖੀ, ਭੋਲਾ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਗੋਰਾ ਸਿੰਘ, ਨਛੱਤਰ ਸਿੰਘ ਨੇ ਸੰਬੋਧਨ ਕੀਤਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune