ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ੇ ਦੇ ਜਾਲ ਵਿਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ਲਈ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਕਿਸਾਨਾਂ ਪ੍ਰਤੀ ਆਪਣਾ ਵਤੀਰਾ ਨਾ ਬਦਲਿਆ ਤਾਂ ਪੰਜਾਬ ਸਮੇਤ ਬਾਕੀ ਰਾਜਾਂ ਵਿਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਨਹੀਂ ਰੁਕਣਗੀਆਂ।
ਯੋਜਨਾ ਦੇ ਤੀਜੇ ਪੜਾਅ ਦੌਰਾਨ ਰੋਪੜ ਦੇ ਕੁੱਲ ਲਾਭਪਾਤਰੀਆਂ ਵਿਚੋਂ 2413 ਕਿਸਾਨਾਂ ਨੇ ਅੱਜ 17.74 ਕਰੋੜ ਦੇ ਕਰਜ਼ ਰਾਹਤ ਸਰਟੀਫਿਕੇਟ ਪ੍ਰਾਪਤ ਕੀਤੇ। ਕੈਪਟਨ ਨੇ ਕਿਹਾ ਕਿ ਪੇਂਡੂ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ 30 ਜੂਨ ਤੱਕ 2000 ਕਰੋੜ ਦੀ ਲਾਗਤ ਨਾਲ 16000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਪੇਂਡੂ ਲਿੰਕ ਸੜਕਾਂ ’ਤੇ ਪੁਲਾਂ ਦੀ ਮੁਰੰਮਤ ਅਤੇ ਵਾਧੇ ਉਪਰ 200 ਕਰੋੜ ਰੁਪਏ ਖ਼ਰਚੇ ਜਾਣਗੇ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਸਿੰਜਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ, ਸਹਿਕਾਰਤਾ ਵਿਭਾਗ ਦੇ ਸਕੱਤਰ ਵਿਕਾਸ ਗਰਗ, ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ, ਰੂਪਨਗਰ ਡਿਵੀਜ਼ਨ ਦੇ ਕਮਿਸ਼ਨਰ ਆਰ ਕੇ ਕੌਸ਼ਿਕ, ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ, ਐਸਐਸਪੀ ਸਵਪਨ ਸ਼ਰਮਾ ਆਦਿ ਹਾਜ਼ਰ ਸਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune

 
                                
 
                                         
                                         
                                         
                                         
 
                            
 
                                            