This content is currently available only in Punjabi language.
ਕੈਪਟਨ ਸਰਕਾਰ ਦਾ ਕਰਜ਼ ਮੁਆਫ ਐਕਸ਼ਨ ਫੇਲ੍ਹ ਹੁੰਦਾ ਦਿਖਾਈ ਦੇ ਰਿਹਾ ਹੈ। ਕਿਸਾਨ ਖੁਦਕੁਸ਼ੀਆਂ ਬਾਰੇ ਜਾਰੀ ਅੰਕੜਿਆਂ ਨੇ ਇਸ ਦੀ ਪੋਲ ਖੋਲ੍ਹ ਦਿੱਤੀ ਹੈ। ਵੇਰਵਿਆਂ ਮੁਤਾਬਕ ਸੂਬੇ ਵਿੱਚ 2017 ’ਚ ਕਾਂਗਰਸ ਸਰਕਾਰ ਬਣਨ ਮਗਰੋਂ 900 ਤੋਂ ਵੱਧ ਕਿਸਾਨ ਤੇ ਖੇਤ ਮਜ਼ਦੂਰ ਖ਼ੁਦਕੁਸ਼ੀਆਂ ਕਰ ਚੁੱਕੇ ਹਨ।
ਖ਼ੁਦਕੁਸ਼ੀਆਂ ਬਾਰੇ ਰਿਕਾਰਡ ਇਕੱਤਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ਦੇ ਸੁਨਾਮ ਬਲਾਕ ਦੇ ਪ੍ਰੈੱਸ ਸਕੱਤਰ ਸੁਖਪਾਲ ਮਾਣਕ ਨੇ ਦੱਸਿਆ ਕਿ ਅਸਲ ਗਿਣਤੀ ਇਸ ਤੋਂ ਕਿਤੇ ਵੱਧ ਹੋ ਸਕਦੀ ਹੈ ਕਿਉਂਕਿ ਕਈ ਸਥਾਨਕ ਤੇ ਹਿੰਦੀ ਤੇ ਅੰਗਰੇਜ਼ੀ ਟੀਵੀ ਚੈਨਲਾਂ, ਵੈੱਬ ਪੋਰਟਲਸ ’ਤੇ ਰਿਪੋਰਟ ਹੋਈਆਂ ਖ਼ੁਦਕੁਸ਼ੀਆਂ ਇਨ੍ਹਾਂ ਅੰਕੜਿਆਂ ਵਿੱਚ ਸ਼ਾਮਲ ਨਹੀਂ ਹਨ।
ਉਧਰ, ਉੱਘੇ ਅਰਥਸ਼ਾਸਤਰੀ ਪ੍ਰੋ. ਸੁੱਚਾ ਸਿੰਘ ਗਿੱਲ ਨੇ ਕਿਹਾ ਕਿ ਸਰਕਾਰਾਂ ਬਦਲਦੀਆਂ ਰਹੀਆਂ ਹਨ ਤੇ ਖ਼ੁਦਕੁਸ਼ੀਆਂ ਦਾ ਰੁਝਾਨ ਪਹਿਲਾਂ ਵਾਂਗ ਹੀ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਵਿਗਿਆਨਕ ਪੱਧਰ ’ਤੇ ਹੋਰ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਖ਼ੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ ਕਿਉਂਕਿ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਕਿਸਾਨਾਂ ਵੱਲੋਂ ਸ਼ਾਹੂਕਾਰਾਂ ਕੋਲੋਂ ਲਏ ਕਰਜ਼ਿਆਂ ਬਾਰੇ ਸਰਕਾਰ ਚੁੱਪ ਹੈ। ਇੱਥੋਂ ਤੱਕ ਕਿ ਸਰਕਾਰ ਵੱਲੋਂ ਕੀਤੀ ਗਈ ਕਰਜ਼ਾ ਮੁਆਫ਼ੀ ਵਿੱਚ ਵੀ ਪੱਖਪਾਤ ਹੋਇਆ ਹੈ ਤੇ ਕਰਜ਼ਾ ਮੁਆਫ਼ੀ ਸਬੰਧੀ ਸੂਚੀਆਂ ਸਥਾਨਕ ਕਾਂਗਰਸੀ ਆਗੂਆਂ ਵੱਲੋਂ ਬਣਾਈਆਂ ਗਈਆਂ ਹਨ, ਇਸ ਵਾਸਤੇ ਵੱਡੀ ਗਿਣਤੀ ਅਮੀਰ ਕਿਸਾਨਾਂ ਤੇ ਸਿਆਸੀ ਆਗੂਆਂ ਦੇ ਨਾਂ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਹਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ABP Sanjha