ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਵਰੁਣ ਚੌਧਰੀ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਬਰਸਾਤ ਦੇ ਪਾਣੀ ਨਾਲ ਖਰਾਬ ਹੋਈਆਂ ਫ਼ਸਲਾਂ ਦਾ ਸਰਵੇਖਣ ਕਰਵਾਏ ਤੇ ਕਿਸਾਨਾਂ ਨੂੰ ਨੁਕਸਾਨ ਲਈ ਮੁਆਵਜ਼ਾ ਦੇਵੇ।
ਸ੍ਰੀ ਚੌਧਰੀ ਨੇ ਕਿਹਾ ਕਿ ਪਰਸੋਂ ਪਏ ਮੀਂਹ ਕਰਕੇ ਮੁਲਾਣਾ ਹਲਕੇ ਦੇ ਜ਼ਿਆਦਾਤਰ ਪਿੰਡਾਂ ਵਿਚ ਪਾਣੀ ਭਰ ਗਿਆ ਹੈ, ਰਸਤੇ ਖਰਾਬ ਹੋ ਗਏ ਹਨ, ਪਿੰਡਾਂ ਦੇ ਮਕਾਨਾਂ ਵਿਚ ਦਰਾੜਾਂ ਆ ਗਈਆਂ ਹਨ ਤੇ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਬਿਨਾ ਕਿਸੇ ਦੇਰੀ ਦੇ ਇਸ ਨੁਕਸਾਨ ਦਾ ਜਾਇਜ਼ਾ ਲੈ ਕੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ ਭਾਜਪਾ ਮੁਲਾਣਾ ਖੇਤਰ ਦੇ ਵਿਕਾਸ ਦਾ ਝੂਠਾ ਢਿੰਡੋਰਾ ਪਿਟਦੀ ਰਹੀ ਹੈ ਅਤੇ ਪਹਿਲੀ ਬਾਰਸ਼ ਨੇ ਹੀ ਭਾਜਪਾ ਦੇ ਵਿਕਾਸ ਦੇ ਝੂਠੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਨੈਸ਼ਨਲ ਹਾਈਵੇ ’ਤੇ ਦੋਸੜਕਾ ਤੇ ਬ੍ਰਾਹਮਣ ਮਾਜਰਾ ਦੇ ਕੋਲ ਤਿੰਨ ਤੋਂ ਚਾਰ ਫੁੱਟ ਤੱਕ ਪਾਣੀ ਖੜ੍ਹਾ ਹੈ। ਸਾਬਕਾ ਵਿਧਾਇਕ ਤੇ ਕੁਲ ਹਿੰਦ ਕਾਂਗਰਸ ਕਮੇਟੀ ਦੇ ਮੈਂਬਰ ਜਸਬੀਰ ਮਲੌਰ ਨੇ ਵੀ ਪ੍ਰਸ਼ਾਸਨ ਦੇ ਨਾਕਸ ਪ੍ਰਬੰਧਾਂ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਮੀਂਹ ਨੇ ਭਾਜਪਾ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦਾ ਵੀ ਬੁਰਾ ਹਾਲ ਹੋ ਗਿਆ ਹੈ। ਸ਼ਹਿਰ ਦੇ ਨਾਲ ਲਗਦੇ ਲੋਹਗੜ੍ਹ, ਡੰਗਡੇਹਰੀ, ਮਾਣਕਪੁਰ, ਨੱਗਲ, ਖੈਰਾ, ਇਸਮਾਈਲਪੁਰ, ਸੈਣੀ ਮਾਜਰਾ ਸਮੇਤ ਸੈਂਕੜੇ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਫ਼ਸਲ ਖਰਾਬ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਫਾਈ ਦੇ ਨਾਂ ਤੇ ਵੀ ਸਰਕਾਰੀ ਖ਼ਜ਼ਾਨੇ ਦੀ ਦੁਰ ਵਰਤੋਂ ਕੀਤੀ ਜਾ ਰਹੀ ਹੈ। ਜੇ ਨਾਲੀਆਂ ਦੀ ਢੰਗ ਨਾਲ ਸਫ਼ਾਈ ਕੀਤੀ ਹੁੰਦੀ ਤਾਂ ਅੱਜ ਸ਼ਹਿਰ ਦੀ ਏਨੀ ਮਾੜੀ ਹਾਲਤ ਨਾ ਹੁੰਦੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਪੰਜਾਬੀ ਟ੍ਰਿਬਿਊਨ