ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਝੋਨੇ ਦੀ ਲਵਾਈ ਲਈ ਲੇਬਰ ਦਾ ਪ੍ਰਬੰਧ ਕਰਨ ਲਈ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਸੂਬਿਆਂ ਤੋਂ ਲਿਆਉਣ ਲਈ ਚਾਰਾਜੋਈ ਵਿੱਢਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਪਣੇ ਮੁੱਖ ਸਕੱਤਰ ਨੂੰ ਇਸ ਸਬੰਧੀ ਕੇਂਦਰ ਨਾਲ ਰਾਬਤਾ ਕਾਇਮ ਕਰਨ ਲਈ ਵੀ ਕਿਹਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੰਗਰੂਰ ਵਿੱਚ ਆਪਣੀ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਮੁੱਖ ਮੰਤਰੀ ਤੋਂ ਉੱਤਰ ਪ੍ਰਦੇਸ਼ ਤੇ ਬਿਹਾਰ ਦੀ ਲੇਬਰ ਦਾ ਪ੍ਰਬੰਧ ਕਰਵਾਉਣ ਤੇ ਝੋਨੇ ਦੀ ਸਿੱਧੀ ਬਿਜਾਈ ਲਈ ਮਸ਼ੀਨਾਂ ’ਤੇ 60 ਫੀਸਦੀ ਸਬਸਿਡੀ ਦੀ ਮੰਗ ਕੀਤੀ ਸੀ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਦੇ ਮੱਦੇਨਜ਼ਰ ਸਰਕਾਰ ਠੋਸ ਪ੍ਰਬੰਧ ਕਰੇ।
ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਲਈ ਜ਼ਮੀਨ ਦੀ ਰੌਣੀ ਕਰਨ ਵਾਸਤੇ 25 ਮਈ ਤੋਂ ਬਿਜਲੀ ਸਪਲਾਈ ਵਿੱਚ ਵਾਧਾ ਕੀਤਾ ਜਾਵੇ, ਮੱਕੀ ਦੀ ਫਸਲ ਲਈ ਸਬਸਿਡੀ ਦਿੱਤੀ ਜਾਵੇ, ਮਗਨਰੇਗਾ ਕਾਮਿਆਂ ਰਾਹੀਂ ਰਜਵਾਹਿਆਂ ਦੀ ਸਫ਼ਾਈ ਕਰਵਾਈ ਜਾਵੇ, ਪਾਵਰਕੌਮ ਵਲੋਂ ਬਿਜਲੀ ਦੀਆਂ ਮਜ਼ਬੂਤ ਤਾਰਾਂ ਪਾਈਆਂ ਜਾਣ, ਵੀਡੀਐਸ ਸਕੀਮ ਵਿੱਚ ਮੋਟਰਾਂ ਵਾਸਤੇ ਵੱਡੇ ਟਰਾਂਸਫਾਰਮਰ ਜਲਦੀ ਦਿੱਤੇ ਜਾਣ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ