ਪਰਾਲੀ ਸਾੜਨ ਦੇ ਦੋਸ਼ ਹੇਠ 21 ਕਿਸਾਨਾਂ ਖ਼ਿਲਾਫ਼ ਕੇਸ ਦਰਜ

November 04 2019

ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਹੁਣ ਤੱਕ 21 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਅਤੇ 28 ਕਿਸਾਨਾਂ ਨੂੰ 92 ਹਜ਼ਾਰ 500 ਰੁਪਏ ਜੁਰਮਾਨਾ ਕੀਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਸਬ-ਡਿਵੀਜ਼ਨ ਪੱਧਰ ਉੱਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿੱਥੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬਾਰੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਫ਼ਤਹਿਗੜ੍ਹ ਸਾਹਿਬ ਦੇ ਟੈਲੀਫੋਨ ਨੰਬਰ 01763-232099, ਬੱਸੀ ਪਠਾਣਾਂ ਦੇ ਕੰਟਰੋਲ ਰੂਮ ਨੰਬਰ 01763-252748, ਅਮਲੋਹ ਦੇ ਕੰਟਰੋਲ ਰੂਮ ਨੰਬਰ 01765-230029 ਅਤੇ ਖਮਾਣੋਂ ਦੇ ਕੰਟਰੋਲ ਨੰਬਰ 01628-260700 ਉੱਤੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬਾਰੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਅਨਾਊਂਸਮੈਂਟ ਕਰਵਾਉਣ ਦੇ ਨਾਲ-ਨਾਲ ਪੂਰੇ ਜ਼ਿਲ੍ਹੇ ਵਿੱਚ ਵੱਖ-ਵੱਖ ਸਾਧਨਾਂ ਰਾਹੀਂ ਕਿਸਾਨਾਂ ਨੂੰ ਇਹ ਅਪੀਲ ਕੀਤੀ ਜਾਵੇ ਕਿ ਉਹ ਪਰਾਲੀ ਨਾ ਸਾੜਨ ਪਰ ਇਸ ਦੇ ਬਾਵਜੂਦ ਜੇ ਉਹ ਪਰਾਲੀ ਸਾੜਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਵੀ ਡਿਊਟੀ ਤਨਦੇਹੀ ਨਾਲ ਨਿਭਾਉਣ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ