ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ 20 ਲੱਖ ਕਰੋੜ ਦੇ ਰਾਹਤ ਪੈਕੇਜ ਦੇ ਐਲਾਨ ਤੋਂ ਬਾਅਦ ਵਿੱਤ ਮੰਤਰੀ ਹਰ ਰੋਜ਼ ਯੋਜਨਾਬੱਧ ਤਰੀਕੇ ਨਾਲ ਹਰ ਸੈਕਟਰ ਨੂੰ ਦਿੱਤੀਆਂ ਜਾਣ ਵਾਲੀਆਂ ਛੋਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇ ਰਹੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਇਸ ਪੈਕੇਜ ਦੀ ਤੀਜੀ ਕਿਸ਼ਤ ਬਾਰੇ ਜਾਣਕਾਰੀ ਦਿੱਤੀ।
ਪਹਿਲੀਆਂ ਦੋ ਕਿਸ਼ਤਾਂ ਵਿਚ ਐਮਐਸਐਮਈ ਸੈਕਟਰ ਅਤੇ ਪ੍ਰਵਾਸੀ ਮਜ਼ਦੂਰਾਂ ਲਈ ਐਲਾਨ ਕੀਤੇ ਗਏ। ਅਪਣੀ ਤੀਜੀ ਪ੍ਰੈਸ ਕਾਨਫਰੰਸ ਵਿਚ ਵਿੱਤ ਮੰਤਰੀ ਨੇ ਸ਼ੁੱਕਰਵਾਰ ਨੂੰ ਖੇਤੀਬਾੜੀ ਸੈਕਟਰ ਨਾਲ ਸਬੰਧਤ ਸਾਰੀਆਂ ਯੋਜਨਾਵਾਂ ਅਤੇ ਰਿਆਇਤਾਂ ਬਾਰੇ ਜਾਣਕਾਰੀ ਦਿੱਤੀ।
ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚੇ ਲਈ ਇਕ ਲੱਖ ਕਰੋੜ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਸਰਕਾਰ ਵੱਲੋਂ ਪਸ਼ੂਪਾਲਣ ਲਈ ਬੁਨਿਆਦੀ ਢਾਂਚਾ ਵਿਕਾਸ ਫੰਡ ਦਾ ਐਲਾਨ ਕੀਤਾ। ਇਸ ਦੇ ਤਹਿਤ ਡੇਅਰ ਪ੍ਰੋਸੈਸਿੰਗ ਅਤੇ ਪਸ਼ੂ ਖੁਰਾਕ ਨਾਲ ਸਬੰਧਤ ਸਹਾਇਤਾ ਲਈ 15 ਹਜ਼ਾਰ ਕਰੋੜ ਦੀ ਵਿਵਸਥਾ ਕੀਤੀ ਗਈ ਹੈ।
ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ 2020-2021 ਲਈ ਡੇਅਰੀ ਸਹਿਕਾਰੀ ਸਭਾਵਾਂ ਨੂੰ ਵਿਆਜ ਵਿਚ 2 ਫੀਸਦੀ ਸਲਾਨਾ ਛੋਟ ਦੀ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ। ਉਹਨਾਂ ਦਾ ਅਨੁਮਾਨ ਹੈ ਕਿ ਇਸ ਯੋਜਨਾ ਜ਼ਰੀਏ 2 ਕਰੋੜ ਕਿਸਾਨਾਂ ਨੂੰ ਲਾਭ ਪਹੁੰਚੇਗਾ।
ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਲੌਕਡਾਊਨ ਦੌਰਾਨ ਦੁੱਧ ਦੀ ਮੰਗ ਵਿਚ 20 ਤੋਂ 25 ਫੀਸਦੀ ਦੀ ਕਮੀ ਆਈ ਹੈ। ਸਹਿਕਾਰੀ ਸਭਾਵਾਂ ਹਰ ਰੋਜ਼ 560 ਲੱਖ ਲੀਟਰ ਦੁੱਧ ਦਾ ਉਤਪਾਦਨ ਕਰ ਰਹੀਆਂ ਹਨ, ਪਰ ਰੋਜ਼ਾਨਾ ਵਿਕਰੀ ਸਿਰਫ 360 ਲੱਖ ਲੀਟਰ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਰੋਜ਼ਾਨਾ ਸਪੋਕਸਮੈਨ