ਫਸਲਾਂ ਦੀ ਸਿੱਧੀ ਕਿਸਾਨਾਂ ਨੂੰ ਅਦਾਇਗੀ ਦੀ ਚਰਚਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆੜ੍ਹਤੀਆਂ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਨੇ ਆੜ੍ਹਤੀਆਂ ਦੇ ਖਦਸ਼ੇ ਦੂਰ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਮਿੱਥੇ ਅਮਲ ਮੁਤਾਬਕ ਸੂਬੇ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀਐਫਐਮਐਸ) ਨੂੰ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ ਇਹ ਮਾਮਲਾ ਕੇਂਦਰ ਕੋਲ ਉਠਾਉਣ ਦਾ ਵੀ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਆੜ੍ਹਤੀਆਂ ਨਾਲ ਪੁਰਾਣੇ ਸਬੰਧ ਹਨ ਤੇ ਸੂਬਾ ਸਰਕਾਰ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਫਸਲ ਦੀ ਅਦਾਇਗੀ ਕਰਨ ਦਾ ਅਮਲ ਜਾਰੀ ਰੱਖੇਗੀ। ਲੈਣ-ਦੇਣ ਦੇ ਮਾਮਲਿਆਂ ਵਿਚ ਕਿਸਾਨਾਂ ਵੱਲੋਂ ਆੜ੍ਹਤੀਆਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਵਾਉਣ ਬਾਰੇ ਕੈਪਟਨ ਨੇ ਕਿਹਾ ਕਿ ਅਜਿਹਾ ਨਹੀਂ ਹੋਵੇਗਾ, ਪਰ ਉਹ ਇਸ ਬਾਰੇ ਕਿਸਾਨਾਂ ਨਾਲ ਵੀ ਗੱਲਬਾਤ ਕਰਨਗੇ।
ਮੁੱਖ ਮੰਤਰੀ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਤੇ ਮੰਡੀ ਬੋਰਡ ਨੂੰ ਪੀਐਫਐਮਐਸ ਸਾਫਟਵੇਅਰ ਵਰਤਣ ਦੀ ਸਿਖਲਾਈ ਦੇਣ ਦੇ ਹੁਕਮ ਦਿੰਦਿਆਂ ਕਿਸਾਨਾਂ ਦੇ ਬੈਂਕ ਖਾਤਿਆਂ ਨੂੰ ਪੀਐਫਐਮਐਸ ’ਤੇ ਅਪਲੋਡ ਕਰਨ ਤੇ ਆੜ੍ਹਤੀਆਂ ਦੇ ਬੈਂਕ ਖਾਤਿਆਂ ਨਾਲ ਲਿੰਕ ਕਰਨ ਲਈ ਆਖਿਆ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ