ਬਰਨਾਲਾ ਜ਼ਿਲ੍ਹੇ ਦੇ ਕਸਬੇ ਹੰਡਿਆਇਆ ਦੇ ਕੋਠੇ ਦੁਲਟ ਵਾਸੀ ਗੁਰਮੇਲ ਸਿੰਘ ਨੇ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਆਧੁਨਿਕ ਤਕਨੀਕਾਂ ਦੀ ਮਦਦ ਨਾਲ ਸਮੇਂ ਦੀ ਲੋੜ ਮੁਤਾਬਕ ਢਾਲ ਕੇ ਖੇਤੀਬਾੜੀ ਖੇਤਰ ਵਿਚ ਨਵੀਂਆਂ ਪੈੜਾਂ ਪਾਉਣ ਦੀ ਸ਼ੁਰੂਆਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪਹਿਲੇ ਸਾਲ 25 ਏਕੜ ਰਕਬੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਫ਼ੈਸਲਾ ਕੀਤਾ ਤਾਂ ਜੋ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲੇ ਧੂੰਏ ਨਾਲ ਹੁੰਦੇ ਨੁਕਸਾਨ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਿਸ਼ਚਾ ਕਰ ਲਿਆ ਕਿ ਉਹ ਪੂਰੇ 65 ਏਕੜ ਰਕਬੇ ਤੇ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ।
ਉਨ੍ਹਾਂ ਦੱਸਿਆ ਕਿ ਖੇਤ ਤਿਆਰ ਕਰਨ ਲਈ ਕੁਝ ਰਕਬਾ ਉਹ ਚੌਪਰ ਨਾਲ ਪਰਾਲੀ ਦਾ ਕੁਤਰਾ ਕਰ ਕੇ ਹੈਪੀਸੀਡਰ ਤੇ ਰੋਟਾਵੇਟਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰਦੇ ਹਨ ਤੇ ਬਾਕੀ ਰਕਬੇ ਤੇ ਉਨ੍ਹਾਂ ਵੱਲੋਂ ਬੇਲਰ (ਗੱਠਾਂ ਬੰਨ੍ਹਣ ਵਾਲੀ ਮਸ਼ੀਨ) ਦੀ ਮਦਦ ਨਾਲ ਖੇਤ ਖਾਲੀ ਕਰ ਕੇ ਰਵਾਇਤੀ ਤਰੀਕੇ ਨਾਲ ਫ਼ਸਲ ਬੀਜਦੇ ਹਨ। ਕਿਸਾਨ ਗੁਰਮੇਲ ਸਿੰਘ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਡਿਪਟੀ ਕਮਿਸ਼ਨਰ ਬਰਨਾਲਾ ਤੇਜਪ੍ਰਤਾਪ ਸਿੰਘ ਫੂਲਕਾ ਨੇ ਤਾਰੀਫ਼ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੇ ਮੁੱਢਾਂ ਨੂੰ ਅੱਗ ਲਗਾਉਣ ਨਾਲ ਬਹੁਤ ਵੱਡੀ ਮਿਕਦਾਰ ਵਿਚ ਧੂੰਆ ਪੈਦਾ ਹੁੰਦਾ ਹੈ ਜੋ ਮਨੁੱਖਾਂ ਦੇ ਨਾਲ-ਨਾਲ ਜੀਵ ਜੰਤੂਆਂ ਤੇ ਰੁੱਖ ਬੂਟਿਆਂ ਦਾ ਨੁਕਸਾਨ ਕਰਦਾ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਪੰਜਾਬੀ ਜਾਗਰਣ