ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ’ਚ ਬੂਟੇ ਲਾਉਣ ਲਈ 50 ਫ਼ੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਿਹੜੇ ਕਿਸਾਨ ਆਪਣੇ ਖੇਤਾਂ ਵਿੱਚ ਬੂਟੇ ਲਗਾਉਣਗੇ, ਉਹ ਇਸ ਸਕੀਮ ਅਧੀਨ ਲਾਭ ਲੈਣ ਦੇ ਹੱਕਦਾਰ ਹੋਣਗੇ। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ‘ਸਬਮਿਸ਼ਨ ਆਨ ਐਗਰੋਫਾਰੈਸਟਰੀ’ ਸਕੀਮ ਤਹਿਤ ਜੰਗਲਾਂ ਹੇਠ ਰਕਬਾ ਵਧਾਉਣ ਦੇ ਉਦੇਸ਼ ਨਾਲ ਸੂਬੇ ਦੇ ਕਿਸਾਨਾਂ ਨੂੰ 50 ਫ਼ੀਸਦੀ ਵਿੱਤੀ ਸਹਾਇਤਾ (ਸਬਸਿਡੀ) ਮੁਹੱਈਆ ਕਰਵਾਈ ਜਾ ਰਹੀ ਹੈ।
ਇਹ ਵਿੱਤੀ ਸਹਾਇਤਾ ਚਾਰ ਸਾਲਾਂ ਦੇ ਸਮੇਂ ਦੌਰਾਨ 40:20:20:20 ਦੇ ਅਨੁਪਾਤ ਅਨੁਸਾਰ ਦਿੱਤੀ ਜਾਵੇਗੀ। ਇਹ ਸਕੀਮ ਸੂਬੇ ਦੇ 12581 ਪਿੰਡਾਂ ਵਿੱਚ ਲਾਗੂ ਕੀਤੀ ਗਈ ਹੈ। ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਸੂਬਾ ਐਗਰੋਫਾਰੈਸਟਰੀ ’ਚ ਦੇਸ਼ ਭਰ ’ਚੋਂ ਅੱਵਲ ਸੂਬਾ ਹੈ।
ਜੰਗਲਾਤ ਵਿਭਾਗ ਵੱਲੋਂ 2018-2019 ਦੌਰਾਨ ‘ਸਬਮਿਸ਼ਨ ਆਨ ਐਗਰੋਫਾਰੈਸਟਰੀ’ ਸਕੀਮ ਤਹਿਤ ਸੂਬੇ ਦੇ 3389 ਕਿਸਾਨਾਂ ਨੂੰ 50 ਫ਼ੀਸਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ ਇਸ ਸਮੇਂ ਦੌਰਾਨ 5270.55 ਹੈਕਟੇਅਰ ਰਕਬੇ ਵਿੱਚ 3529520 ਬੂਟੇ ਲਗਾਉਣ ’ਤੇ 292.21 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਰੋਜ਼ਾਨਾ ਸਪੋਕੇਸਮੈਨ