ਕਿਸਾਨ ਅੰਦੋਲਨ: ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਰੋਹ ਭਖਿਆ

October 06 2020

ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਰੇਲਾਂ, ਰਿਲਾਇੰਸ ਪੰਪਾਂ, ਟੌਲ ਬੈਰੀਅਰਾਂ ਅਤੇ ਸ਼ਾਪਿੰਗ ਮਾਲਾਂ ਆਦਿ ਦਾ ਘਿਰਾਓ ਲਗਾਤਾਰ ਜਾਰੀ ਹੈ। ਇਸੇ ਤਹਿਤ ਹੀ ਸਰਦੂਲਗੜ੍ਹ ’ਚ ਰਿਲਾਇੰਸ ਪੰਪ ਦਾ ਘਿਰਾਓ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਕਾਨੂੰਨ ਜੋ ਕਿਸਾਨ ਮਜ਼ਦੂਰ ਛੋਟੇ ਦੁਕਾਨਦਾਰ ਅਤੇ ਵਪਾਰੀ ਆਦਿ ਖ਼ਿਲਾਫ਼ ਹਨ, ਅਸੀਂ ਇਸ ਦਾ ਸਖ਼ਤ ਵਿਰੋਧ ਕਰਦੇ ਹਾਂ ਅਤੇ ਉਨ੍ਹਾਂ ਚਿਰ ਆਪਣੇ ਰੋਸ ਪ੍ਰਦਰਸ਼ਨ ਅਤੇ ਧਰਨੇ-ਘਿਰਾਓ ਜਾਰੀ ਰੱਖਾਂਗੇ ਜਿੰਨਾ ਚਿਰ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ।

31 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਜ਼ਿਲ੍ਹੇ ਭਰ ’ਚ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਸ਼ੰਘਰਸ਼ਾਂ ਦੌਰਾਨ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੇ ਕਾਰਕੁਨਾਂ ਵੱਲੋਂ ਅੱਜ ਬੁਢਲਾਡਾ ਸਥਿਤ ਰਿਲਾਇੰਸ ਪੈਟਰੋਲ ਪੰਪ ਅੱਗੇ ਦੂਸਰੇ ਦਿਨ ਵੀ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਗਿਆ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਰਨਾਲਾ-ਮੋਗਾ ਮਾਰਗ ’ਤੇ ਪਿੰਡ ਭੋਤਨਾ ’ਚ ਐਸਾਰ ਪੈਟਰੋਲ ਪੰਪ ’ਤੇ ਮੋਰਚਾ ਲਗਾਤਾਰ ਚੌਥੇ ਦਿਨ ਵੀ ਜਾਰੀ ਰਿਹਾ।

ਮੁਕਤਸਰ ਦਾ ਟੌਲ ਪਲਾਜ਼ਾ ਠੱਪ

ਕਾਰਪੋਰੇਟ ਘਰਾਣਿਆਂ ਖਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੇ ਚੱਲਦਿਆਂ ਮੁਕਤਸਰ-ਕੋਟਕਪੂਰਾ ਸੜਕ ’ਤੇ ਸਥਿਤ ਟੌਲ ਪਲਾਜ਼ਾ ਅਤੇ ਮੁਕਤਸਰ-ਮਲੋਟ ਰੋਡ ’ਤੇ ਸਥਿਤ ਰਿਲਾਇੰਸ ਕੰਪਨੀ ਦਾ ਪੈਟਰੋਲ ਪੰਪ ਬੰਦ ਕਰ ਦਿੱਤਾ ਗਿਆ ਹੈ। ਜਥੇਬੰਦੀਆਂ ਦੇ ਆਗੂਆਂ ਨੇ ਟੌਲ ਪਲਾਜ਼ਾ ’ਤੇ ਧਰਨਾ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਅੰਬਾਨੀਆਂ, ਅੰਡਾਨੀਆਂ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦਾ ਜ਼ਮੀਨਾਂ ’ਤੇ ਕਬਜ਼ਾ ਕਰਾਉਣਾ ਚਾਹੁੰਦੀ ਹੈ, ਜਿਸ ਨੂੰ ਹਰਗਿਜ਼ ਪ੍ਰਵਾਨ ਨਹੀਂ ਕੀਤਾ ਜਾਵੇਗਾ।

ਔਰਤਾਂ ਵੱਲੋਂ ਮੋਦੀ ਸਰਕਾਰ ਦਾ ਪਿੱਟ ਸਿਆਪਾ

ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾਂ ਉਗਰਾਹਾਂ ਦੀ ਅਗਵਾਈ ’ਚ ਪਿੰਡ ਧੌਲਾ ਵਿਚ ਚੌਥੇ ਦਿਨ ਵੀ ਧਰਨਾ ਜਾਰੀ ਰਿਹਾ। ਧਰਨੇ ’ਚ ਪੁੱਜੀਆਂ ਔਰਤਾਂ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਤੇ ਕਿਸਾਨੀ ਸੰਘਰਸ਼ ਵਿਚ ਕਿਸਾਨਾਂ ਦੇ ਮੌਢੇ ਨਾਲ ਮੌਢੇ ਲਾ ਕੇ ਚੱਲਣ ਦਾ ਅਹਿਦ ਵੀ ਕੀਤਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune