ਖੇਤੀ ਕਾਨੂੰਨ: ਕਿਸਾਨ-ਮਜ਼ਦੂਰ ਰੇਲ ਲਾਈਨਾਂ ’ਤੇ ਡਟੇ

October 07 2020

ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਤਹਿਤ ਇੱਥੇ ਗੁਰਦਾਸਪੁਰ ਦੀ ਰੇਲਵੇ ਲਾਈਨ ’ਤੇ ਰੋਸ ਧਰਨਾ ਛੇਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਵਿੱਚ ਵੱਡੀ ਗਿਣਤੀ ’ਚ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਨੂੰਨਾਂ ਨਾਲ ਕਿਸਾਨ ਆਪਣੀਆਂ ਹੀ ਜ਼ਮੀਨਾਂ ਤੋਂ ਵਾਂਝੇ ਹੋਣ ਕਰ ਕੇ ਹੌਲੀ-ਹੌਲੀ ਕਾਰਪੋਰੇਟ ਘਰਾਣਿਆਂ ਦੇ ਗ਼ੁਲਾਮ ਹੋ ਜਾਣਗੇ। ਆਗੂਆਂ ਨੇ ਕਿਹਾ ਕਿ ਕਿਸਾਨਾਂ ਲਈ ਆਪਣੀ ਜਿਣਸ ਵੇਚਣ ਲਈ ਦੂਜਿਆਂ ਸੂਬਿਆਂ ਅੰਦਰ ਲੈ ਕੇ ਜਾਣਾ ਸੌਖਾ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਆਰਥਿਕ ਘਾਟੇ ਅਤੇ ਠੇਕਾ ਕਾਨੂੰਨ ਅਧੀਨ ਅਜਿਹੇ ਕਿਸਾਨ ਆਪਣੀਆਂ ਜ਼ਮੀਨਾਂ ਅੰਬਾਨੀਆਂ ਤੇ ਅਡਾਨੀਆਂ ਨੂੰ ਦੇਣ ਲਈ ਮਜਬੂਰ ਹੋਣਗੇ। ਧਰਨੇ ਦੌਰਾਨ ਗੌਰਮਿੰਟ ਟੀਚਰਜ਼ ਯੂਨੀਅਨ ਤੇ ਸਾਬਕਾ ਸੈਨਿਕਾਂ ਦਾ ਜਥਾ ਵੀ ਸ਼ਾਮਲ ਹੋਇਆ।

ਸ਼੍ਰੋਮਣੀ ਅਕਾਲੀ ਦਲ (ਅ) ਦੇ ਸੂਬਾਈ ਆਗੂ ਜਥੇਦਾਰ ਸੁਲੱਖਣ ਸਿੰਘ ਸ਼ਾਹਕੋਟ ਨੇ ਅਮਰੀਕਾ ਤੋਂ ਜਾਣਕਾਰੀ ਦਿੰਦੇ ਦੱਸਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅਮਰੀਕਾ ਵਿਚ ਰਹਿੰਦੇ ਪੰਜਾਬੀਆਂ ਨੇ ਸਾਨ ਫਰਾਂਸਿਸਕੋ ਸਥਿਤ ਭਾਰਤੀ ਅੰਬੈਸੀ ਦੇ ਬਾਹਰ ਮੁਜ਼ਾਹਰਾ ਕਰ ਕੇ ਮਾਰੂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਨੂੰ ਗ਼ੁਲਾਮ ਬਣਾਉਣ ਦੀ ਨਵੀਂ ਰਣਨੀਤੀ ਘੜੀ ਹੈ।

ਸਥਾਨਕ ਰੇਲਵੇ ਸਟੇਸਨ ’ਤੇ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਦੇ ਛੇਵੇਂ ਦਿਨ ਅੱਜ ਵੱਖ-ਵੱਖ ਬੁਲਾਰਿਆਂ ਨੇ ਕਿਸਾਨਾਂ ’ਚ ਉਤਸ਼ਾਹ ਭਰਨ ਦਾ ਕੰਮ ਜਾਰੀ ਰੱਖਿਆ। ਇਸ ਦੌਰਾਨ ਦਿਹਾਤੀ ਮਜ਼ਦੂਰ ਸਭਾ ਵਲੋਂ ਔਰਤਾਂ ਸਮੇਤ ਵੱਡੀ ਗਿਣਤੀ ’ਚ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਲੰਗਰ ਮਾਓ ਸਾਹਿਬ ਤੋਂ ਲਗਾਤਾਰ ਧਰਨਾ ਸਥਾਨ ’ਤੇ ਹੀ ਵਰਤਾਇਆ ਜਾ ਰਿਹਾ ਹੈ।

ਪੰਜਾਬ ਦੀਆਂ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਜਲੰਧਰ ਰੇਲਵੇ ਲਾਈਨਾਂ ਉੱਪਰ ਬੁਟਾਰੀ ਰੇਲਵੇ ਲਾਈਨ ਉੱਪਰ ਛੇਵੇਂ ਦਿਨ ਵੀ ਰੇਲਵੇ ਲਾਈਨਾਂ ਬੰਦ ਕਰ ਕੇ ਕਿਸਾਨ ਡਟੇ ਹੋਏ ਹਨ। ਅੱਜ ਔਰਤਾਂ ਅਤੇ ਖੇਤ ਮਜ਼ਦੂਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਕਾਨੂੰਨ ਰੱਦ ਹੋਣ ਤਕ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ।

ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਬਾਅਦ ਵਿਚ ਬਿਲਾਂ ਦੇ ਕਿਸਾਨਾਂ ’ਤੇ ਪੈਣ ਵਾਲੇ ਮਾਰੂ ਅਸਰ ਬਾਰੇ ਜਾਣੂ ਕਰਾਉਣ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਤਾਰ ਸਿੰਘ ਦੀ ਅਗਵਾਈ ਹੇਠ ਕਾਰਕੁਨਾਂ ਨੇ ਅੱਡਾ ਕੁੱਕੜਾਂਵਾਲਾ ਵਿਚ ਰੋਸ ਧਰਨਾ ਦਿੱਤਾ। ਧਰਨਾਕਾਰੀਆਂ ਨੇ ਮੋਦੀ ਸਰਕਾਰ ਵਿਰੁਧ ਨਾਅਰੇਬਾਜ਼ੀ ਕਰਦਿਆਂ ਕਿਸਾਨ ਮਾਰੂ ਕਾਨੂੰਨ ਵਾਪਸ ਲੈਣ ਦੀ ਵੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕ ਪਲੇਟ ਫਾਰਮ ਤੇ ਇਕ ਝੰਡੇ ਹੇਠ ਲੜਾਈ ਲੜਨੀ ਚਾਹੀਦੀ ਹੈ।

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਉਸਮਾਂ ਟੌਲ ਪਲਾਜ਼ਾ ’ਤੇ ਦਿੱਤਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ| ਇਸ ਧਰਨੇ ਵਿੱਚ ਇਲਾਕੇ ਦੇ ਪਿੰਡ ਉਸਮਾਂ ਤੋਂ ਇਲਾਵਾ ਸ਼ੇਰੋਂ, ਢੋਟੀਆਂ, ਪਿੱਦੀ ਆਦਿ ਪਿੰਡਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ| ਅੱਜ ਧਰਨਾਕਾਰੀਆਂ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹੀਰਾ ਸਿੰਘ ਮਰਹਾਨਾ, ਕੰਬਾਈਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਪਰਮਜੀਤ ਸਿੰਘ ਦੁਗਲਵਾਲਾ ਤੋਂ ਇਲਾਵਾ ਧਰਨੇ ਦੀ ਅਗਵਾਈ ਕਰਦੀ ਜਥੇਬੰਦੀ ਦੇ ਆਗੂ ਫਤਹਿ ਸਿੰਘ ਪਿੱਦੀ, ਪਰਮਜੀਤ ਸਿੰਘ ਸ਼ੇਰੋਂ, ਅਮਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ| ਨੌਜਵਾਨਾਂ ਦੀਆਂ ਟੋਲੀਆਂ ਨੇ ਸਿੱਖ ਇਤਿਹਾਸ ਨਾਲ ਸਬੰਧਤ ਵਾਰਾਂ ਸੁਣਾਈਆਂ| ਕੈਸ਼ ਕਾਉਂਟਰ ਬੰਦ ਹੋਣ ਕਾਰਨ ਇੱਥੋਂ ਲੰਘਣ ਵਾਲੇ ਵਾਹਨ ਬਿਨਾਂ ਫੀਸ ਦਿੱਤਿਆਂ ਜਾ ਰਹੇ ਹਨ

ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਮੋਦੀ ਦੇ ਬੰਦ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਪਾਰਲੀਮੈਂਟ ਤੱਕ ਮਾਰਚ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬਾ ਕਮੇਟੀ ਦੇ ਫ਼ੈਸਲੇ ਨੂੰ ਸਰਹੱਦੀ ਪਿੰਡ ਰਾਜਾਤਾਲ ’ਚ ਹੋਏ ਕਿਸਾਨਾਂ ਦੇ ਇਕੱਠ ਮੌਕੇ ਸਾਂਝਾ ਕੀਤਾ ਗਿਆ। ਸੂਬਾ ਪ੍ਰਧਾਨ ਦਾਤਾਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਧੰਨਵੰਤ ਸਿੰਘ ਖਤਰਾਏ ਕਲਾਂ ਦੱਸਿਆ ਕਿ ਪੰਜਾਬ ਦੇ ਕਿਸਾਨ ਮਾਰੂ ਕਾਨੂੰਨ ਰੱਦ ਕਰਵਾਊਣ ਤਕ ਡਟੇ ਰਹਿਣਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune