ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਖੇਤੀ ਨਾਲ ਸਬੰਧਤ ਤਿੰਨੇ ਕਾਨੂੰਨ ਪੂਰੀ ਤਰ੍ਹਾਂ ਨਾਲ ਕਾਲੇ ਕਾਨੂੰਨ ਹਨ ਅਤੇ ਆਉਣ ਵਾਲੇ ਸਮੇਂ ’ਚ ਜੇਕਰ ਇਹ ਲਾਗੂ ਹੁੰਦੇ ਹਨ ਤਾਂ ਨਾ ਸਿਰਫ਼ ਕਿਸਾਨ ਤਬਾਹ ਹੋਣਗੇ ਬਲਕਿ ਪੂਰਾ ਦੇਸ਼ ਗੁਲਾਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਅੰਬਾਨੀ ਤੇ ਅਡਾਨੀ ਦੇ ਗੁਲਾਮ ਬਣ ਕੇ ਰਹਿ ਜਾਣਗੇ। ਇਥੇ ਅਨਾਜ ਮੰਡੀ ਵਿੱਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਤੇ ਹੋਰਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਇਸ ਕਾਨੂੰਨ ਨੂੰ ਕੂੜੇ ਦੇ ਡੱਬੇ ’ਚ ਸੁੱਟ ਦੇਵਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ, ਕਿਸਾਨਾਂ ਦੇ ਅੰਦੋਲਨ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ ਤੇ ਇਨ੍ਹਾਂ ਕਾਨੂੰਨਾਂ ਦਾ ਮੁਕੰਮਲ ਰੂਪ ਵਿੱਚ ਵਿਰੋਧ ਕੀਤਾ ਜਾਵੇਗਾ। ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਵੱਲ ਨਿਸ਼ਾਨਾ ਸੇਧਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਤੋਂ ਪਹਿਲਾਂ ਵੀ ਛੇ ਸਾਲ ਦੇ ਕਾਰਜਕਾਲ ਦੌਰਾਨ ਨਰਿੰਦਰ ਮੋਦੀ ਨੇ ਗਰੀਬਾਂ ’ਤੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੋਦੀ ਨੇ ਪਹਿਲਾਂ ਨੋਟਬੰਦੀ ਤੇ ਜੀਐੱਸਟੀ ਨੂੰ ਅਮਲ ਵਿੱਚ ਲਿਆ ਕੇ ਅਤੇ ਹੁਣ ਖੇਤੀ ਕਾਨੂੰਨ ਬਣਾ ਕੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਸੇ ਗਰੀਬ ਕਿਸਾਨ ਤੇ ਛੋਟੇ ਵਪਾਰੀ ਦਾ ਕਰਜ਼ਾ ਮੁਆਫ਼ ਨਹੀਂ ਕੀਤਾ, ਜਦੋਂਕਿ ਆਪਣੇ ਵੱਡੇ ਕਾਰੋਬਾਰੀ ਦੋਸਤਾਂ ਦੇ ਅਰਬਾਂ ਰੁਪਏ ਦੇ ਕਰਜ਼ਿਆਂ ’ਤੇ ਝੱਟ ਲੀਕ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਜੇਕਰ ਠੀਕ ਹੁੰਦੇ ਤਾਂ ਕਿਸਾਨ ਸੜਕਾਂ ’ਤੇ ਕਿਉਂ ਉਤਰਦੇ। ਉਨ੍ਹਾਂ ਸਵਾਲ ਕੀਤਾ ਕਿ ਇਨ੍ਹਾਂ ਕਾਨੂੰਨਾਂ ’ਤੇ ਰਾਜ ਸਭਾ ਤੇ ਲੋਕ ਸਭਾ ਵਿੱਚ ਵਿਚਾਰ ਚਰਚਾ ਕਿਉਂ ਨਹੀਂ ਕਰਵਾਈ ਗਈ ਤੇ ਇਹ ਕਾਨੂੰਨ ਕਰੋਨਾ ਵੇਲੇ ਹੀ ਕਿਉਂ ਲਿਆਂਦੇ ਗਏ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸ਼ਾਇਦ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਇਕੱਠ ਨੂੰ ਸੰਬੋਧਨ ਕੀਤਾ। ਇਨ੍ਹਾਂ ਇਕੱਠਾਂ ਵਿੱਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਰਣਦੀਪ ਸੁਰਜੇਵਾਲਾ, ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ, ਕਿਰਨ ਚੌਧਰੀ, ਕੁਲਦੀਪ ਬਿਸ਼ਨੋਈ ਤੋਂ ਇਲਾਵਾ ਸਾਬਕਾ ਮੰਤਰੀ, ਵਿਧਾਇਕ ਤੇ ਸੰਸਦ ਮੈਂਬਰ ਮੌਜੂਦ ਸਨ।
ਪੰਜਾਬ ਵਿੱਚ ਖੇਤੀ ਬਚਾਓ ਯਾਤਰਾ ਦੇ ਤੀਜੇ ਤੇ ਆਖਰੀ ਦਿਨ ਕਾਂਗਰਸ ਪਾਰਟੀ ਵਲੋਂ ਅੱਜ ਇਥੇ ਤਿੰਨ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ‘ਕਿਸਾਨ ਬਚਾਓ, ਪੰਜਾਬ ਬਚਾਓ’ ਟਰੈਕਟਰ ਰੋਸ ਮਾਰਚ ਕੱਢਿਆ ਗਿਆ, ਜਿਸ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਰੋਸ ਮਾਰਚ ਦੇ ਆਖਰੀ ਦਿਨ ਹਲਕਾ ਸਨੌਰ ਦੇ ਪਿੰਡ ਫਰਾਂਸਵਾਲਾ ਵਿੱਚ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਵਿੱਚ ਰੋਸ ਰੈਲੀ ਵਿੱਚ ਸ਼ਾਮਲ ਕਿਸਾਨਾਂ ਤੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਖਤਮ ਕਰਕੇ ਦੇਸ਼ ਦੇ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ, ਪਰ ਕਾਂਗਰਸ ਪਾਰਟੀ ਦੇਸ਼ ਦੇ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਖਤਮ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਸ ਨਵੇਂ ਬਣੇ ਖੇਤੀ ਕਾਨੂੰਨ ਨੂੰ ਰੱਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਕਿਸਾਨਾਂ ਨੂੰ ਪੂਰਾ ਸਮਰਥਨ ਹੈ ਅਤੇ ਉਹ ਇਸ ਸੰਘਰਸ਼ ਦੇ ਘੋਲ ਵਿੱਚ ਕਿਸਾਨਾਂ ਨਾਲ ਡਟੇ ਹੋਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਕੇਂਦਰ ਦੀ ਸੱਤਾ ਵਿੱਚ ਆਉਣ ’ਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ ਅਤੇ ਕਿਸਾਨ ਹਿੱਤਾਂ ਲਈ ਪਹਿਲਾਂ ਤੋਂ ਚੱਲੇ ਆ ਰਹੇ ਕਾਨੂੰਨ ਬਹਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਵੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਸੁਧਾਰ ਕਾਨੂੰਨ ਨੂੰ ਵਾਪਸ ਕਰਾਉਣ ਲਈ ਪੂਰੀ ਵਾਹ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਫਸਲਾਂ ਦੀ ਖਰੀਦ ਮੌਕੇ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਲੋਕ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਲੋਕ ਸਭਾ ਮੈਂਬਰ ਦੀਪਿੰਦਰ ਹੁੱਡਾ, ਸੁੱਖ ਸਰਕਾਰੀਆ, ਸੰਸਦ ਮੈਂਬਰ ਪ੍ਰਨੀਤ ਕੌਰ ਆਦਿ ਨੇ ਵੀ ਰੋਸ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਸੰਸਦ ਮੈਂਬਰ ਰਵਨੀਤ ਬਿੱਟੂ, ਮੁਹੰਮਦ ਸਦੀਕ, ਵਿਧਾਇਕ ਰਾਜ ਕੁਮਾਰ ਵੇਰਕਾ, ਰਾਜਿੰਦਰ ਸਿੰਘ, ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਬ੍ਰਹਮ ਮਹਿੰਦਰਾ, ਮਨੀਸ਼ ਤਿਵਾੜੀ, ਜਸਵੀਰ ਸਿੰਘ ਡਿੰਪਾ, ਗੁਰਕੀਰਤ ਸਿੰਘ ਕੋਟਲੀ, ਗੁਰਸ਼ਰਨ ਕੌਰ ਰੰਧਾਵਾ, ਜੋਗਿੰਦਰ ਸਿੰਘ ਕਾਕੜਾ, ਅਸ਼ਵਨੀ ਬੱਤਾ ਆਦਿ ਵੀ ਹਾਜ਼ਰ ਸਨ।
ਪੰਜਾਬ ਹਰਿਆਣਾ ਬਾਰਡਰ ’ਤੇ ਦੋ ਘੰਟੇ ਚੱਲਿਆ ਹਾਈ ਵੋਲਟੇਜ ਡਰਾਮਾ
ਹਰਿਆਣਾ ਵਿੱਚ ਦਾਖ਼ਲ ਹੋਣ ਮੌਕੇ ਟਿਊਕਰ ਬਾਰਡਰ ’ਤੇ ਲਗਪਗ 2 ਘੰਟੇ ਤਕ ਕੁਰੂਕਸ਼ੇਤਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਦੇ ਕਾਂਗਰਸੀ ਆਗੂਆਂ ਤੇ ਪਾਰਟੀ ਵਰਕਰਾਂ ਦਰਮਿਆਨ ਹਾਈ ਵੋਲਟੇਜ ਡਰਾਮਾ ਚੱਲਿਆ। ਰਾਹੁਲ ਤੇ ਪੰਜਾਬ ਦੇ ਆਗੂਆਂ ਦਾ ਕਹਿਣਾ ਸੀ ਕਿ ਉਹ ਪੂਰੇ ਲਾਮ ਲਸ਼ਕਰ ਤੇ ਕਾਫ਼ਿਲੇ ਨਾਲ ਹਰਿਆਣਾ ਵਿੱਚ ਦਾਖ਼ਲ ਹੋਣਗੇ ਜਦੋਂਕਿ ਪ੍ਰਸ਼ਾਸਨ ਤੇ ਪੁਲੀਸ ਨੇਮਾਂ ਮੁਤਾਬਕ ਸੌ ਵਿਅਕਤੀਆਂ ਨਾਲ ਦਾਖ਼ਲਾ ਦੇਣ ’ਤੇ ਅੜੀ ਰਹੀ। ਇਸ ਦੌਰਾਨ ਭੁਪਿੰਦਰ ਹੁੱਡਾ ਤੇ ਕੁਮਾਰੀ ਸ਼ੈਲਜਾ ਸਮੇਤ ਹੋਰਨਾਂ ਆਗੂਆਂ ਨੇ ਗੱਲਬਾਤ ਜ਼ਰੀਏ ਮਸਲਾ ਨਜਿੱਠਣ ਦੀਆਂ ਕੋਸ਼ਿਸ਼ਾਂ ਕੀਤੀਆਂ। ਰਾਹੁਲ ਗਾਂਧੀ ਮਗਰੋਂ ਇਕ ਟਰੈਕਟਰ ’ਤੇ ਸਵਾਰ ਹੋ ਕੇ ਹਰਿਆਣਾ ਵਿਚ ਦਾਖਲ ਹੋਏ। ਪਿੰਡ ਭੱਟ ਮਾਜਰਾ ਤੋਂ ਇੱਕ ਟਰੈਕਟਰ ’ਤੇ ਸਵਾਰ ਹੋ ਕੇ ਰਾਹੁਲ ਗਾਂਧੀ ਪਿਹੋਵਾ ਮੰਡੀ ਗਏ, ਜਿੱਥੇ ਉਨ੍ਹਾਂ ਨੇ ਮਜ਼ਦੂਰਾਂ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune