ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਸਥਿਤ ਟੌਲ ਪਲਾਜ਼ਾ ਮਾਝੀ ’ਤੇ ਲਾਇਆ ਧਰਨਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਯੂਨੀਅਨ ਦੇ ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ, ਮੀਤ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਅਤੇ ਬੁੱਧ ਸਿੰਘ ਬਾਲਦ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਜਿੱਤ ਤੱਕ ਜਾਰੀ ਰਹੇਗਾ। ਇਸ ਮੌਕੇ ਅੰਗਰੇਜ ਸਿੰਘ, ਬਘੇਲ ਸਿੰਘ, ਗੁਰਲਾਲ ਸਿੰਘ, ਕਰਨੈਲ ਸਿੰਘ ਬੁੱਟਰ, ਗੁਰਧਿਆਨ ਸਿੰਘ ਤੇ ਸੁਖਦੇਵ ਸਿੰਘ ਮਾਝਾ ਸਮੇਤ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਟੋਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ ਅੱਜ ਅੱਠਵੇਂ ਦਿਨ ਲਗਾਏ ਧਰਨੇ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਨੂੰ ਸਾਬੋਤਾਜ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ।
ਇਸ ਮੌਕੇ ਬਲਾਕ ਆਗੂ ਜਸਬੀਰ ਸਿੰਘ ਗੱਗੜਪੁਰ, ਗੁਰਦੇਵ ਸਿੰਘ ਆਲੋਅਰਖ, ਕਰਮ ਚੰਦ ਪੰਨਵਾਂ, ਹਰਜੀਤ ਸਿੰਘ ਮਹਿਲਾ ਚੌਂਕ, ਰਘਵੀਰ ਸਿੰਘ ਘਰਾਂਚੋਂ, ਹਰਜਿੰਦਰ ਸਿੰਘ ਘਰਾਚੋਂ, ਕੁਲਵਿੰਦਰ ਸਿੰਘ ਲੱਡੀ, ਚਮਕੌਰ ਸਿੰਘ ਲੱਡੀ ਅਤੇ ਹਰੀ ਸਿੰਘ ਗੱਗੜਪੁਰ ਵੀ ਹਾਜ਼ਰ ਸਨ।
ਰੇਲ ਰੋਕੋ ਅੰਦੋਲਨ ’ਚ ਕਿਸਾਨਾਂ ਦਾ ਜੋਸ਼ ਬਰਕਰਾਰ
31 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅਣਮਿੱਥੇ ਸਮੇਂ ਦੇ ਰੇਲ ਰੋਕੋ ਅੰਦੋਲਨ ਦੇ ਅੱਠਵੇਂ ਦਿਨ ਵੀ ਲੋਕਾਂ ’ਚ ਪੂਰਾ ਜੋਸ਼ ਰਿਹਾ ਤੇ ਧਰਨੇ ’ਚ ਕਿਸਾਨ ਬੀਬੀਆਂ ਤੇ ਬੱਚੇ ਵੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ। ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ 9 ਅਕਤੂਬਰ ਨੂੰ ਹਰਿਆਣਾ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਤੇ ਹਾਥਰਸ ਜਬਰ-ਜਨਾਹ ਤੇ ਕਤਲ ਵਿਰੁੱਧ 12 ਤੋਂ 2 ਵਜੇ ਤੱਕ ਦੋ ਘੰਟੇ ਪੰਜਾਬ ਦੀਆਂ ਸੜਕਾਂ ਜਾਮ ਕੀਤੀਆਂ ਜਾਣਗੀਆਂ ਤੇ 10 ਅਕਤੂਬਰ ਨੂੰ ਸੰਗਰੂਰ ’ਚ ਭਾਜਪਾ ਦੇ ਖ਼ਿਲਾਫ਼ ਮੁਜ਼ਾਹਰਾ ਕੀਤਾ ਜਾਵੇਗਾ। ਅੱਜ ਦੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਗਸੀਰ ਨਮੋਲ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਜਸਦੀਪ ਸਿੰਘ ਬਹਾਦਰਪੁਰ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਸਕੱਤਰ ਮੇਜਰ ਸਿੰਘ ਪੁੰਨਾਵਾਲ, ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਨਿਰੰਜਣ ਸਿੰਘ ਦੋਹਲਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਬਲਵੀਰ ਸਿੰਘ ਜਲੂਰ, ਕੁੱਲਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੂਬਾ ਆਗੂ ਹਰਦੇਵ ਸਿੰਘ ਬਖ਼ਸ਼ੀਵਾਲਾ, ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਸਕੱਤਰ ਹਰਦੇਵ ਸਿੰਘ ਦਰੋਗੇਵਾਲ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਆਦਿ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਭਾਜਪਾ ਦੀ ਹਕੂਮਤ ਵਾਲੀਆਂ ਸੂਬਾ ਸਰਕਾਰਾਂ ਡੰਡੇ ਦੇ ਜ਼ੋਰ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣਾ ਚਾਹੁੰਦੀਆਂ ਹਨ। ਹਰਿਆਣਾ ਦੇ ਕਿਸਾਨਾਂ ’ਤੇ ਲਾਠੀਚਾਰਜ ਕਰਕੇ ਮੋਦੀ ਸਰਕਾਰ ਨੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਨਮਕ ਛਿੜਕਿਆ ਹੈ। ਹੁਣ ਕਿਸਾਨ ਝੋਨੇ ਦੀ ਫ਼ਸਲ ਦੀ ਕਟਾਈ, ਕਣਕ ਦੀ ਬਿਜਾਈ ਤੇ ਸੰਘਰਸ਼ ਨਾਲੋਂ ਨਾਲ ਕਰਨਗੇ। ਰੋਸ ਧਰਨੇ ਨੂੰ ਔਰਤ ਆਗੂ ਸੁਖਵੰਤ ਕੌਰ ਛਾਜਲੀ, ਕਿਸਾਨ ਆਗੂ ਗੁਰਮੀਤ ਸਿੰਘ ਕੁੰਨਰਾਂ, ਕਰਮਜੀਤ ਸਿੰਘ ਛੰਨਾ, ਹਰਦੇਵ ਸਿੰਘ ਘਨੌਰੀ, ਭਰਪੂਰ ਸਿੰਘ ਦੁੱਗਾਂ, ਈਟੀਟੀ ਅਧਿਆਪਕ ਯੂਨੀਅਨ ਵੱਲੋਂ ਮੱਖਣ ਸਿੰਘ ਤੋਲਾਵਾਲ, ਕੁਲਵਿੰਦਰ ਸਿੰਘ ਮਾਝੀ, ਰਣ ਸਿੰਘ ਚੱਠਾ ਨੇ ਸੰਬੋਧਨ ਕੀਤਾ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune