ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਛੇਵੇਂ ਦਿਨ ਵੀ ਪਿੰਡ ਖੇੜੀ ਵਿੱਚ ਰਿਲਾਇੰਸ ਪੰਪ ਤੇ ਲੱਡਾ ਟੌਲ ਪਲਾਜ਼ਾ ’ਤੇ ਰੋਸ ਧਰਨੇ ’ਤੇ ਡਟੇ ਰਹੇ ਤੇ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ ਰੋਸ ਮਾਰਚਾਂ ਨੂੰ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਹਟਾਉਣ ਵਾਲਾ ਕਰਾਰ ਦਿੱਤਾ ਗਿਆ।
ਪਿੰਡ ਖੇੜੀ ’ਚ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਪਟੜੀਆਂ, ਰਿਲਾਇੰਸ ਪੰਪਾਂ ਤੇ ਟੌਲ ਪਲਾਜਿਆਂ ’ਤੇ ਸ਼ੁਰੂ ਕੀਤੇ ਧਰਨੇ ਜਾਰੀ ਹਨ ਤੇ ਕਿਸਾਨਾਂ ’ਚ ਜੋਸ਼ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਕ ਰੈਲੀਆਂ ਦਾ ਕਿਸਾਨ ਅੰਦੋਲਨ ’ਤੇ ਕੋਈ ਪ੍ਰਭਾਵ ਨਹੀਂ ਪਵੇਗਾ ਕਿਉਂਕਿ ਕਿਸਾਨ ਆਪਣੇ ਹੱਕਾਂ ਪ੍ਰਤੀ ਜਾਗਰੂਕ ਹਨ।
ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋ ਕੇਂਦਰੀ ਕੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਤਹਿਤ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮਾਲੇਰਕੋਟਲਾ-ਧੂਰੀ ਰੋਡ ਸਥਿਤ ਰਿਲਾਇੰਸ ਦੇ ਪੈਟਰੋਲ ਪੰਪ ਅੱਗੇ ਦਿੱਤਾ ਜਾ ਧਰਨਾ ਛੇਵੇਂ ਦਿਨ ’ਚ ਦਾਖ਼ਲ ਹੋ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਬਜੀਤ ਸਿੰਘ ਭੁਰਥਲਾ ਤੇ ਕੁਲਵਿੰਦਰ ਸਿੰਘ ਭੂਦਨ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨ ਤੇ ਦੇਸ਼ ਵਿਰੋਧੀ ਹਨ। ਕੇਂਦਰ ਸਰਕਾਰ ਕਿਸਾਨਾਂ ਨੂੰ ਖੇਤੀ ਕਿੱਤੇ ’ਚੋਂ ਬਾਹਰ ਕਰਕੇ ਜ਼ਮੀਨਾਂ ਦੇ ਮਾਲਕ ਕਾਰਪੋਰੇਟ ਘਰਾਣਿਆਂ ਨੂੰ ਬਣਾ ਕੇ ਕਿਸਾਨਾਂ ਨੂੰ ਕਾਰਪੋਰੇਟ ਦੇ ਨੌਕਰ ਬਣਾਉਣਾ ਚਾਹੁੰਦੀ ਹੈ। ਆਗੂਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇਸ਼ ਨੂੰ ਬਰਬਾਦ ਕਰ ਦੇਣਗੀਆਂ। ਖੇਤੀ ਕਾਨੂੰਨ ਖੇਤੀ ਸਮੇਤ ਹੋਰ ਧੰਦਿਆਂ ਨੂੰ ਵੀ ਖ਼ਤਮ ਕਰ ਦੇਣਗੇ। ਦੇਸ਼ ਕੁਝ ਕਾਰਪੋਰੇਟ ਘਰਾਣਿਆਂ ਦੀ ਮੁੱਠੀ ’ਚ ਜਾਵੇਗਾ, ਆਮ ਆਦਮੀ ਦੀ ਕੋਈ ਬੁੱਕਤ ਨਹੀਂ ਰਹਿਣੀ। ਇਸ ਧਰਨੇ ਕਾਰਨ ਪੈਟਰੋਲ ਪੰਪਾ ’ਤੇ ਤੇਲ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune