ਸਹਿਕਾਰੀ ਮਿੱਲਾਂ ਵੱਲੋਂ ਗੰਨਾਂ ਕਾਸ਼ਤਕਾਰਾਂ ਨੂੰ ਸਤੰਬਰ ਦੇ ਪਹਿਲੇ ਹਫਤੇ ਤੱਕ ਕੀਤਾ ਜਾਵੇਗਾ ਭੁਗਤਾਨ

August 19 2021

ਪੰਜਾਬ ਵਿਚਲੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾਂ ਕਾਸ਼ਤਕਾਰਾਂ ਨੂੰ ਬਣਦੀ ਕੁੱਲ ਅਦਾਇਗੀ ਦਾ ਭੁਗਤਾਨ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਸ਼ੂਗਰਫੈਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ। ਆਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਸਹਿਕਾਰਤਾ ਵਿਭਾਗ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋਂ ਸਾਲ 2021-22 ਦੇ ਬਜਟ ਵਿੱਚ 300 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ।

ਸ਼ੂਗਰਫੈਡ ਦੇ ਚੇਅਰਮੈਨ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਦੇ ਯਤਨਾਂ ਸਦਕਾ ਸੂਬੇ ਵਿਚਲੀਆਂ 9 ਸਹਿਕਾਰੀ ਖੰਡ ਮਿੱਲਾਂ ਵੱਲੋਂ ਸਾਲ 2019-20 ਦੀ ਬਣਦੀ ਕੁੱਲ ਅਦਾਇਗੀ 486.24 ਕਰੋੜ ਰੁਪਏ ਪਹਿਲਾਂ ਹੀ ਗੰਨਾਂ ਕਾਸ਼ਤਕਾਰਾਂ ਨੂੰ ਕੀਤੀ ਜਾ ਚੁੱਕੀ ਹੈ ਅਤੇ ਸਾਲ 2020-21 ਦੀ ਬਣਦੀ ਕੁੱਲ ਅਦਾਇਗੀ 472.10 ਕਰੋੜ ਰੁਪਏ ਵਿੱਚੋਂ 417.33 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਕਾਇਆ ਰਹਿੰਦੀ 54.77 ਕਰੋੜ ਰੁਪਏ ਦੀ ਅਦਾਇਗੀ ਵਿੱਚੋਂ 45.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਵਿੱਤ ਵਿਭਾਗ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਦੀ ਅਦਾਇਗੀ  ਸਤੰਬਰ ਦੇ ਪਹਿਲੇ ਹਫਤੇ ਗੰਨਾਂ ਕਾਸ਼ਤਕਾਰਾਂ ਨੂੰ ਕਰ ਦਿੱਤੀ ਜਾਵੇਗੀ।

ਆਲੀਵਾਲ ਨੇ ਇਹ ਵੀ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਲੱਗਭੱਗ 9.77 ਕਰੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਕਾਰਣ ਇਹ ਰਾਸ਼ੀ ਜਾਰੀ ਕਰਵਾਉਣ ਲਈ ਸਬੰਧਤ ਵਿਭਾਗ ਨਾਲ ਪਹੁੰਚ ਕੀਤੀ ਜਾ ਰਹੀ ਹੈ ਅਤੇ ਇਸ ਦੇ ਜਲਦੀ ਜਾਰੀ ਹੋਣ ਦੀ ਉਮੀਦ ਹੈ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਰਾਸ਼ੀ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੰਨੇ ਦੀ ਅਦਾਇਗੀ ਲਈ ਸਿੱਧੇ ਤੌਰ ਤੇ ਗੰਨਾਂ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕੀਤੀ ਜਾਂਦੀ ਹੈ ਅਤੇ ਬਕਾਇਆ ਰਹਿੰਦੀ 9.77 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਹੋਣ ਉਪਰੰਤ ਤੁਰੰਤ ਗੰਨਾਂ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਇਹ ਪਹਿਲੀ ਵਾਰ ਹੋਵੇਗਾ ਕਿ ਪਿੱਛਲੇ ਪਿੜਾਈ ਸੀਜ਼ਨ ਦੀ ਕੁੱਲ ਅਦਾਇਗੀ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ ਦਿੱਤੀ ਜਾਵੇਗੀ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman