ਮਾਹਰ ਸਲਾਹਕਾਰ ਵੇਰਵਾ

idea99collage_fghhytnj.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-07-15 13:19:00

ਇਸ ਬਿਮਾਰੀ ਨਾਲ ਨਰਸਰੀ ਵਿੱਚ ਪਨੀਰੀ ਮੁਰਝਾ ਜਾਂਦੀ ਹੈ ਅਤੇ ਤਣਾ ਤੇ ਜੜ੍ਹਾਂ ਗਲ ਜਾਂਦੀਆਂ ਹਨ। ਇਹ ਉੱਲੀ ਜ਼ਮੀਨ ਦੇ ਅੰਦਰ-ਅੰਦਰ ਹੀ ਖ਼ੁਰਾਕੀ ਜੜ੍ਹਾਂ ਨੂੰ ਖ਼ਤਮ ਕਰ ਦਿੰਦੀ ਹੈ।ਇਹ ਬਿਮਾਰੀ ਭਾਰੀਆਂ ਅਤੇ ਸੇਮ ਵਾਲੀਆਂ ਜ਼ਮੀਨਾਂ (ਜਿੱਥੇ ਪਾਣੀ ਦੀ ਸਤਹਿ ਨੇੜੇ ਹੋਵੇ) ਵਿੱਚ ਜ਼ਿਆਦਾ ਨੁਕਸਾਨ ਕਰਦੀ ਹੈ। ਇਸ ਬਿਮਾਰੀ ਦੀ ਪਹਿਲੀ ਨਿਸ਼ਾਨੀ ਤਣੇ ਦੇ ਪਿਉਂਦ ਵਾਲੇ ਹਿੱਸੇ ਨੇੜਿਉਂ ਗੂੰਦ ਨਿਕਲਣਾ। ਜਿਵੇਂ-ਜਿਵੇਂ ਜ਼ਖ਼ਮ ਵੱਡੇ ਹੁੰਦੇ ਹਨ, ਛਿੱਲ ਵਿੱਚ ਲੰਬੇ ਰੁੱਖ਼ ਤਰੇੜਾਂ ਪੈ ਜਾਂਦੀਆਂ ਹਨ, ਪੱਤੇ ਪੀਲੇ ਪੈ ਜਾਂਦੇ ਹਨ ਅਤੇ ਉੱਲੀ ਤਣੇ ਦੇ ਚਾਰੇ ਪਾਸੇ ਘੁੰਮ ਜਾਂਦੀ ਹੈ, ਜਿਸ ਕਾਰਨ ਬੂਟੇ ਦਾ ਵਾਧਾ ਰੁੱਕ ਜਾਂਦਾ ਹੈ ਅਤੇ ਬੂਟਾ ਮਰਨਾ ਸ਼ੁਰੂ ਹੋ ਜਾਂਦਾ ਹੈ।

ਬਿਮਾਰੀ ਦੀ ਰੋਕਥਾਮ: ਬਾਗ ਲਗਾਉਣ ਲਈ ਬੂਟੇ ਰੋਗ ਰਹਿਤ ਨਰਸਰੀ ਤੋਂ ਲਉ। ਬੂਟੇ ਲਗਾਉਣ ਸਮੇਂ ਉਸ ਦੀ ਪਿਉਂਦੀ ਅੱਖ ਨੂੰ ਜ਼ਮੀਨ ਤੋਂ 9 ਇੰਚ ਉੱਚਾ ਰੱਖੋ। ਖੁੱਲ੍ਹਾ ਪਾਣੀ ਲਗਾਉਣ ਤੋਂ ਗੁਰੇਜ਼ ਕਰੋ। ਪਾਣੀ ਦੇ ਨਿਕਾਸ ਦਾ ਚੰਗਾ ਪ੍ਰਬੰਧ ਕਰੋ। ਬਾਗ ਵਿੱਚ ਕੰਮ-ਕਾਰ ਕਰਦੇ ਸਮੇਂ ਤਣੇ ਤੇ ਜੜ੍ਹਾਂ ਨੂੰ ਜ਼ਖ਼ਮੀ ਹੋਣ ਤੋਂ ਬਚਾਉ। ਤਣੇ ਦੇ ਆਲੇ-ਦੁਆਲੇ ਮਿੱਟੀ ਨਾ ਚੜ੍ਹਾਉ। ਬੂਟੇ ਦਾ ਇਲਾਜ ਕਰਨ ਲਈ ਇਹ ਜ਼ਰੂਰੀ ਹੈ ਕਿ ਬਿਮਾਰੀ ਵਾਲੇ ਹਿੱਸੇ ਨਾਲ ਥੋੜ੍ਹਾ ਜਿਹਾ ਤੰਦਰੁਸਤ ਹਿੱਸਾ ਵੀ ਖ਼ੁਰਚ ਦਿਉ। ਉਤਾਰੀ ਹੋਈ ਰੋਗੀ ਛਿੱਲ ਨੂੰ ਇਕੱਠਾ ਕਰਕੇ ਨਸ਼ਟ ਕਰ ਦਿਉੇ ਤਾਂ ਜੋ ਉੱਲੀ ਜ਼ਮੀਨ ਵਿੱਚ ਫ਼ੈਲ ਨਾ ਸਕੇ। 2 ਗ੍ਰਾਮ ਕਾਰਜ਼ੈਟ ਐਮ 8 ਨੂੰ 100 ਮਿਲੀਲੀਟਰ ਅਲਸੀ ਦੇ ਤੇਲ ਵਿੱਚ ਘੋਲ ਕੇ ਸਾਲ ਵਿੱਚ ਦੋ ਵਾਰ (ਫ਼ਰਵਰੀ-ਮਾਰਚ ਅਤੇ ਜੁਲਾਈ-ਅਗਸਤ) ਜ਼ਖ਼ਮਾਂ 'ਤੇ ਮਲ ਦਿਉ। ਬਾਅਦ ਵਿੱਚ 25 ਗ੍ਰਾਮ ਇਸੇ ਦਵਾਈ ਨੂੰ 10 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਬੂਟੇ ਦੇ ਹਿਸਾਬ ਨਾਲ ਤਣੇ ਦੇ ਚਾਰ ਚੁਫ਼ੇਰੇ ਵਾਲੀ ਮਿੱਟੀ ਨੂੰ ਚੰਗੀ ਤਰ੍ਹਾਂ ਗੜੁੱਚ ਕਰ ਦਿਉ। ਇਸ ਤੋਂ ਇਲਾਵਾ ਬੂਟਿਆਂ ਦੀਆਂ ਮੁੱਢਾਂ ਅਤੇ ਛੱਤਰੀ ਹੇਠ ਸੋਡੀਅਮ ਹਾਈਪੋਕਲੋਰਾਈਟ 5% (50 ਮਿ.ਲੀ. 10 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਬੂਟੇ) ਦੇ ਦੋ ਛਿੜਕਾਅ (ਫਰਵਰੀ-ਮਾਰਚ ਅਤੇ ਜੁਲਾਈ-ਅਗਸਤ) ਨਾਲ ਇਸ ਬਿਮਾਰੀ ਦੀ ਸੁਚੱਜੀ ਰੋਕਥਾਮ ਕੀਤੀ ਜਾ ਸਕਦੀ ਹੈ।